ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਿਉਂਸਪਲ ਭਵਨ, ਸੈਕਟਰ- 35, ਚੰਡੀਗੜ੍ਹ ਵਿਖੇ ਸਿਹਤ, ਮੈਡੀਕਲ ਸਿੱਖਿਆ, ਸਹਿਕਾਰਤਾ ਵਿਭਾਗ ਦੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਮਾਨ ਨੇ ਕਿਹਾ ਹੈ ਕਿ ਅੱਜ 200 ਪਰਿਵਾਰਾਂ ਦਾ ਸੁਪਨਾ ਪੂਰਾ ਹੋਇਆ ਹੈ ਤੇ ਯੋਗ ਤੇ ਕਾਬਿਲ ਲੋਕਾਂ ਨੂੰ ਨੌਕਰੀ ਮਿਲੀ ਹੈ।
ਮਾਨ ਨੇ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ।
ਮਾਨ ਨੇ ਨਿਯੁਕਤੀ ਪੱਤਰ ਲੈਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਰਿਸ਼ਵਤ ਤੋਂ ਨਿਯੁਕਤੀਆਂ ਹੋਈਆਂ ਹਨ ਤੇ ਉਹ ਵੀ ਇਸ ਤੋਂ ਗੁਰੇਜ਼ ਕਰਨ ਕਿਉਂਕਿ ਰਿਸ਼ਵਤ ਲੈਣਾ ਇੱਕ ਮਾਨਸਿਕ ਬੀਮਾਰੀ ਹੈ।
ਮਾਨ ਨੇ ਕਿਹਾ ਕਿ 2 ਮਈ ਦਾ ਦਿਨ ਨਿਯੁਕਤੀ ਪੱਤਰ ਲੈਣ ਵਾਲਿਆਂ ਲਈ ਖਾਸ ਦਿਨ ਹੈ ਕਿਉਂਕਿ ਉਹ ਉਸ ਵੇਲੇ ਜੁਆਇੰਨ ਕਰ ਰਹੇ ਹਨ ਜਿਸ ਵੇਲੇ ਪੰਜਾਬ ਸਰਕਾਰ ਦੁਆਰਾ ਦੇਸ਼ ਵਿੱਚ ਨਵੇਕਲੀ ਪਹਿਲ ਕਰਦਿਆਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ। ਮਾਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਦਾ ਸਮਾਂ 7.30 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਹੋਵੇਗਾ।
ਉਹਨਾਂ ਇਹ ਵੀ ਦਾਅਵਾ ਕੀਤਾ ਹੈ ਕਿ 29000 ਹਜ਼ਾਰ ਦੇ ਨੇੜੇ ਨਿਯੁਕਤੀ ਪੱਤਰ ਹੁਣ ਤੱਕ ਦਿੱਤੇ ਜਾ ਚੁੱਕੇ ਹਨ ਤੇ ਹੋਰ ਨੌਕਰੀਆਂ ਲਈ ਰਾਹ ਸਾਫ਼ ਕੀਤਾ ਜਾ ਰਿਹਾ ਹੈ। ਨਵੀਂ ਨੌਕਰੀ ਲੈਣ ਵਾਲਿਆਂ ਦੀ ਨਿਯੁਕਤੀ ਨੇੜੇ ਦੇ ਇਲਾਕਿਆਂ ਵਿੱਚ ਹੀ ਕੀਤੀ ਜਾਵੇਗੀ।
‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੂੰ ਪੰਜਾਬ ਭਰ ਵਿਚ ਲਾਗੂ ਕਰਨ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਫ਼ਤੇ ਵਿਚ ਦੋ ਵਾਰ ਡਿਪਟੀ ਕਮਿਸ਼ਨਰ ਅਤੇ ਹੋਰ ਸਟਾਫ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉਤੇ ਨਿਪਟਾਰਾ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜ਼ਿਲ੍ਹਿਆਂ ਵਿਚ ਪਾਇਲਟ ਪ੍ਰਾਜੈਕਟ ਵਜੋਂ ਇਸ ਨੂੰ ਲਾਗੂ ਕੀਤਾ ਸੀ ਅਤੇ ਇਸ ਦੀ ਸਫਲਤਾ ਤੋਂ ਬਾਅਦ ਹੁਣ ਵਿਆਪਕ ਪੱਧਰ ਉਤੇ ਲਾਗੂ ਕੀਤਾ ਜਾ ਰਿਹਾ ਹੈ।
ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਹਰ ਅੜਚਨ ਨੂੰ ਦੂਰ ਕਰਕੇ ਹੀ ਨਵੀਆਂ ਭਰਤੀਆਂ ਕਰਦੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਰਤੀਆਂ ਕਰਨ ਤੋਂ ਪਹਿਲਾਂ ਉਹ ਕਾਨੂੰਨੀ ਸਲਾਹ ਲੈਂਦੇ ਹਨ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਸਾਰ ਹਰ ਵਿਭਾਗ ਵਿੱਚ ਪਈਆਂ ਖਾਲੀ ਅਸਾਮੀਆਂ ਭਰ ਰਹੀ ਹੈ ।
ਮਾਨ ਨੇ ਕਿਹਾ, “ਇਸ ਮਿਊਂਸਪਲ ਭਵਨ ਵਿਚ ਮੈਂ ਹਫ਼ਤੇ ਵਿਚ ਦੋ ਵਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਆਉਂਦਾ ਹੈ ਜਿਸ ਕਰਕੇ ਇਸ ਮਿਊਂਸਪਲ ਭਵਨ ਨੂੰ ‘ਨਿਯੁਕਤੀ ਭਵਨ’ ਵੀ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਭਰਤੀ ਚੱਲ ਰਹੀ ਹੈ ਜਿਸ ਨਾਲ ਹੋਰ ਨੌਜਵਾਨਾਂ ਨੂੰ ਵੀ ਛੇਤੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।