Others

ਕੱਲ੍ਹ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ ਆਈ ਹੈ। ਕੱਲ੍ਹ ਤੋਂ ਮੁੜ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਜਾ ਰਿਹਾਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਕਿਹਾ ਹੈ ਕਿ ਸਿੱਖ ਸ਼ਰਧਾਲੂਆਂ ਨਾਲ ਜੁੜਿਆ ਵੱਡਾ ਫੈਸਲਾ ਲੈਂਦਿਆਂ ਮੋਦੀ ਸਰਕਾਰ ਕੱਲ੍ਹ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਜਾ ਰਹੀ ਹੈ। ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੇ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।

ਨਵਜੋਤ ਸਿੱਧੂ ਨੇ ਫੈਸਲੇ ਦੀ ਕੀਤੀ ਸ਼ਲਾਘਾ

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਬੇਅੰਤ ਸੰਭਾਵਨਾਵਾਂ ਦੇ ਲਾਂਘੇ ਦਾ ਮੁੜ ਖੁੱਲ੍ਹਣਾ ਨਾਨਕ ਨਾਮ ਲੇਵਾ ਅਤੇ ਸੰਗਤ ਲਈ ਅਨਮੋਲ ਤੋਹਫਾ ਹੈ। ਮਹਾਨ ਗੁਰੂ ਦਾ ਲਾਂਘਾ ਸਦਾ ਲਈ ਖੁੱਲ੍ਹਾ ਰਹੇ ਅਤੇ ਸਭ ‘ਤੇ ਗੁਰੂ ਦੀ ਮਿਹਰ ਰਹੇ। ਸਰਬੱਤ ਦਾ ਭਲਾ।

ਕੈਪਟਨ ਨੇ ਮੋਦੀ-ਸ਼ਾਹ ਦਾ ਕੀਤਾ ਧੰਨਵਾਦ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਧੰਨਵਾਦ ਕੀਤਾ। ਕੈਪਟਨ ਨੇ ਕਿਹਾ ਕਿ ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਜ਼ਾਰਾਂ ਸ਼ਰਧਾਲੂਆਂ ਦੀ ਦਰਸ਼ਨ ਕਰਨ ਦੀ ਸਿੱਕ ਨੂੰ ਪੂਰਾ ਕਰੇਗਾ।

ਇਸ ਤੋਂ ਪਹਿਲਾਂ ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਸੀ ਕਿ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਲੋਕ ਇਸ ਪਵਿੱਤਰ ਦਿਨ ਬਾਬੇ ਨਾਨਕ ਦੀ ਧਰਤੀ ‘ਤੇ ਸੀਸ ਨਿਵਾ ਸਕਣ।

ਸਿਰਸਾ ਨੇ ਫੈਸਲੇ ਦਾ ਕੀਤਾ ਸਵਾਗਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰ ਸਰਕਾਰ ਦੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਲੰਬੇ ਸਮੇਂ ਤੋਂ ਸਾਰੇ ਦੇਸ਼ ਭਰ ਦੇ ਸਿੱਖਾਂ ਦੀ ਇਹ ਮੰਗ ਸੀ ਕਿ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇਗਾ। ਕਰਤਾਰਪੁਰ ਲਾਂਘਾ ਖੋਲ੍ਹਣਾ ਬਹੁਤ ਵੱਡੀ ਰਾਹਤ ਅਤੇ ਖੁਸ਼ਖਬਰੀ ਹੈ। ਚਾਹੇ ਦੇਰ ਨਾਲ ਹੀ ਸਹੀ, ਪਰ ਖੁਸ਼ਖਬਰੀ “ਖੁਸ਼ਖਬਰੀ” ਹੀ ਹੁੰਦੀ ਹੈ। ਸਿਰਸਾ ਨੇ ਕਿਹਾ ਕਿ ਸਾਡੇ 175 ਲੋਕ ਵਾਇਆ ਪਾਕਿਸਤਾਨ ਕਰਤਾਰਪੁਰ ਸਾਹਿਬ ਜਾਣਗੇ। ਉਹ ਅੱਜ ਇੱਥੋਂ ਰਵਾਨਾ ਹੋਏ ਹਨ ਅਤੇ ਕੱਲ੍ਹ ਸਵੇਰੇ ਪਾਕਿਸਤਾਨ ਪਹੁੰਚਣਗੇ।

ਸਿਰਸਾ ਨੇ ਕਿਹਾ ਕਿ ਕੱਲ੍ਹ ਉਹ ਪਹਿਲਾਂ ਲਾਹੌਰ ਅਤੇ ਫਿਰ ਗੁਰਦੁਆਰਾ ਨਨਕਾਣਾ ਸਾਹਿਬ, ਪੰਜਾ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਜਾਣਗੇ। ਸਾਨੂੰ ਹਾਲੇ ਤੱਕ ਇਹ ਜਾਣਕਾਰੀ ਨਹੀਂ ਦਿੱਤੀ ਗਈ ਕਿ ਉਹ ਸੰਗਤਾਂ ਦੇ ਜਥੇ ਨੂੰ ਕਿਸ ਤਰੀਕੇ ਦੇ ਨਾਲ ਜਾਣ ਦੀ ਆਗਿਆ ਦੇਣਗੇ ਕਿਉਂਕਿ ਰੁਟੀਨ ਇਹ ਹੁੰਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੋਵਾਂ ਜਥੇਬੰਦੀਆਂ ਨੂੰ ਸਰਕਾਰ ਦੱਸਦੀ ਹੈ ਕਿ ਇੰਨੇ ਲੋਕ ਤੁਹਾਡੇ ਜਾਣਗੇ ਅਤੇ ਇੰਨੇ ਲੋਕ ਸਾਡੇ ਜਾਣਗੇ।

ਕਰਤਾਰਪੁਰ ਲਾਂਘੇ ਨੂੰ ਲੈ ਕੇ ਹਰਜੀਤ ਗਰੇਵਾਲ ਦਾ ਵੱਡਾ ਦਾਅਵਾ

ਇਸ ਤੋਂ ਪਹਿਲਾਂ ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ 18 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਦਾਅਵਾ ਕੀਤਾ ਸੀ। ਗਰੇਵਾਲ ਨੇ ਕਿਹਾ ਕਿ 18 ਨਵੰਬਰ ਨੂੰ ਢਾਈ ਸੌ ਲੋਕਾਂ ਦਾ ਪਹਿਲਾ ਜਥਾ ਜਾਵੇਗਾ। ਉਸ ਤੋਂ ਬਾਅਦ ਲਗਾਤਾਰ ਸ਼ਰਧਾਲੂ ਦਰਸ਼ਨਾਂ ਲਈ ਜਾਣਗੇ। ਬਾਅਦ ਵਿੱਚ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਗਿਣਤੀ ਵਧਾਈ ਜਾਂ ਘਟਾਈ ਜਾ ਸਕਦੀ ਹੈ। ਪਾਕਿਸਤਾਨ ਜਾਣ ਵਾਲੇ ਪਹਿਲੇ ਜਥੇ ਨਾਲ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹਿਣਗੇ। ਉਹ ਹੀ ਸਾਰਾ ਪ੍ਰਬੰਧ ਵੇਖ ਰਹੇ ਹਨ। ਸਰਕਾਰ ਵੱਲੋਂ ਕੱਲ਼੍ਹ 11 ਵਜੇ ਲਿਖਤੀ ਤੌਰ ‘ਤੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾਵੇਗਾ।

ਗਰੇਵਾਲ ਨੇ ਕਿਹਾ ਕਿ ਕੱਲ੍ਹ ਗ੍ਰਹਿ ਮੰਤਰੀ ਨੇ ਸਾਡੇ ਵਫ਼ਦ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਭਰੋਸਾ ਦਿੱਤਾ ਹੈ ਅਤੇ ਉਸ ਤੋਂ ਬਾਅਦ ਸਰਕਾਰ ਨੇ ਫੈਸਲਾ ਵੀ ਲੈ ਲਿਆ। ਸਰਕਾਰ ਫੈਸਲਾ ਲੈਣ ਵਿੱਚ ਬਹੁਤ ਸੁਹਿਰਦ ਸੀ। ਹੁਣ ਜਦੋਂ ਮਹਾਂਮਾਰੀ ਤੋਂ ਸੁਰੱਖਿਅਤ ਹੋ ਗਏ ਹਾਂ ਤਾਂ ਫਿਰ ਲਾਂਘਾ ਤਾਂ ਖੁੱਲ੍ਹਣਾ ਹੀ ਸੀ। ਇਹ ਤਾਂ ਸਰਕਾਰ ਦਾ ਪਹਿਲਾ ਫਰਜ਼ ਸੀ। ਰਾਜਨੀਤਿਕ ਲੋਕ ਤਾਂ ਐਂਵੇ ਹੀ ਇਸ ਮੁੱਦੇ ‘ਤੇ ਸਿਆਸਤ ਕਰਦੇ ਰਹੇ ਹਨ।

ਤੁਹਾਨੂੰ ਦੱਸ ਦਈਏ ਕਿ ਕੱਲ੍ਹ ਪੰਜਾਬ ਬੀਜੇਪੀ ਲੀਡਰਾਂ ਦੇ ਵਫ਼ਦ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੀਟਿੰਗ ਕੀਤੀ ਸੀ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਬੀਜੇਪੀ ਵਫ਼ਦ ਨੂੰ ਕਰਤਾਰਪੁਰ ਲਾਂਘਾ ਜਲਦ ਖੋਲ੍ਹਣ ਦਾ ਭੋਰਸਾ ਦਿੱਤਾ ਸੀ। ਦਰਅਸਲ, ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਨੂੰ ਲੈ ਕੇ ਪੰਜਾਬ ਦੇ ਸਿਆਸੀ ਲੀਡਰਾਂ ਵੱਲੋਂ ਆਪਣੀਆਂ ਸਿਆਸੀ ਰੋਟੀਆਂ ਸੇਕੀਆਂ ਗਈਆਂ। ਅਤੇ ਹੁਣ ਪੰਜਾਬ ਬੀਜੇਪੀ ਵੱਲ਼ੋਂ ਸੂਬੇ ਵਿੱਚ ਕਿਸਾਨੀ ਅੰਦੋਲਨ ਕਾਰਨ ਕਮਜ਼ੋਰ ਹੋਈ ਆਪਣੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਕਰਤਾਕਪੁਰ ਲਾਂਘਾ ਮੁੜ ਖੋਲ੍ਹਣ ਦੇ ਮੁੱਦੇ ਨੂੰ ਆਧਾਰ ਬਣਾਇਆ ਜਾ ਰਿਹਾ ਹੈ।

ਦਰਅਸਲ, 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਪਾਕਿਸਤਾਨ ਵਿੱਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਧੂਮ-ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਇੱਕ ਜਥਾ 17 ਨਵੰਬਰ ਨੂੰ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ ਲਈ ਭੇਜਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਲਈ 14 ਅਤੇ 15 ਨਵੰਬਰ ਨੂੰ ਦੋ ਦਿਨਾ ਕੋਰੋਨਾ ਕੈਂਪ ਵੀ ਲਗਾਇਆ ਗਿਆ ਸੀ ਕਿਉਂਕਿ ਪਾਕਿਸਤਾਨ ਜਾਣ ਲਈ ਕੋਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ ਕੀਤੀ ਗਈ ਹੈ।