‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ 19 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਬੁਲਾਈ ਹੈ। ਇਸ ਬੈਠਕ ਵਿੱਚ ਸਾਰੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਇੱਕ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਜਾਵੇਗਾ ਕਿ ਪਾਰਟੀ ਹਾਈ ਕਮਾਂਡ ਪੰਜਾਬ ਸਬੰਧੀ ਜੋ ਵੀ ਫੈਸਲਾ ਲਵੇਗੀ, ਪੰਜਾਬ ਦੀ ਸਮੁੱਚੀ ਜਥੇਬੰਦੀ ਨੂੰ ਉਹ ਪ੍ਰਵਾਨ ਹੋਵੇਗਾ।
ਇਸ ਦੇ ਨਾਲ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ, ਉਹ ਛੇਤੀ ਲਿਆ ਜਾਵੇ ਤਾਂ ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਜਲਦ ਹੱਲ ਕਰ ਸਕੇ। ਪਿੰਡ ਜਲਾਲਪੁਰ ਵਿਖੇ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਰਿਹਾਇਸ਼ ‘ਤੇ ਕੁੱਝ ਵਿਧਾਇਕਾਂ ਅਤੇ ਪਟਿਆਲਾ ਜ਼ਿਲ੍ਹਾ ਦੇ ਪ੍ਰਧਾਨ ਗੁਰਦੀਪ ਸਿੰਘ ਊਧਮਪੁਰ ਸਮੇਤ ਕਈ ਹੋਰ ਲੀਡਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੁਨੀਲ ਜਾਖੜ ਨੇ ਪਾਰਟੀ ਦੇ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।