India Punjab

ਕੱਲ੍ਹ ਨੂੰ ਸਿੰਘੂ ਬਾਰਡਰ ‘ਤੇ ਹੋਣਗੇ ਵੱਡੇ ਐਲਾਨ, ਤਿਆਰ ਰਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨੀ ਅੰਦੋਲਨ ਦੀ ਅਗਲੀ ਰੂਪ-ਰੇਖਾ ਤੈਅ ਕਰਨ ਲਈ ਮੀਟਿੰਗ ਕੀਤੀ ਜਾਵੇਗੀ। ਕਿਸਾਨ ਲੀਡਰਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਲੈਵਲ ਦੀਆਂ ਮੀਟਿੰਗਾਂ ਕਰਕੇ ਅਤੇ ਫਿਰ ਸਯੁੰਕਤ ਕਿਸਾਨ ਮੋਰਚੇ ਦੀ ਮੀਟਿੰਗ ਕਰਕੇ ਵੱਡੇ ਪ੍ਰੋਗਰਾਮ ਤੈਅ ਕੀਤੇ ਜਾਣਗੇ, ਜਿਸ ਵਿੱਚ ਕਿਸਾਨਾਂ ਸਮੇਤ ਹਰ ਵਰਗ ਨੂੰ ਸ਼ਾਮਿਲ ਕਰਕੇ ਅੰਦੋਲਨ ਨੂੰ ਮਜ਼ਬੂਤ ਕੀਤਾ ਜਾਵੇਗਾ। ਕਿਸਾਨਾਂ ਨੇ ਸਰਕਾਰ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਕਿਸਾਨਾਂ ਦੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੋਰਚਾ ਅਪਣੀ ਅਗਲੀ ਰਣਨੀਤੀ ਦਾ ਐਲਾਨ ਕਰੇਗਾ।

ਕੱਲ੍ਹ ਸੰਯੁਕਤ ਕਿਸਾਨ ਮੋਰਚ ਵੱਲੋਂ ਕਾਲਾ ਦਿਵਸ ਦੇ ਦਿੱਤੇ ਗਏ ਸੱਦੇ ਨੂੰ ਕਿਸਾਨਾਂ ਵੱਲੋਂ ਮਿਲੇ ਭਰਵੇਂ ਸਮਰਥਨ ਦੇ ਨਾਲ ਕਿਸਾਨ ਅੰਦੋਲਨ ਹੋਰ ਮਜ਼ਬੂਤ ਹੋ ਗਿਆ ਹੈ। ਕੱਲ੍ਹ ਪੂਰੇ ਭਾਰਤ ਵਿੱਚ, ਹਰ ਸੂਬੇ ਵਿੱਚ ਕਿਸਾਨਾਂ ਵੱਲੋਂ ਵਿਆਪਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਲੀਡਰਾਂ ਨੇ ਕਿਹਾ ਕਿ ਕਿਸਾਨ ਉਦੋਂ ਤੱਕ ਵਾਪਸ ਨਹੀਂ ਜਾਣਗੇ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।

ਕੱਲ੍ਹ ਕਈ ਟਰੇਡ ਯੂਨੀਅਨਾਂ ਨੇ ਵੀ ਕਾਲੇ ਦਿਵਸ ਵਜੋਂ ਮਨਾਉਣ ਲਈ ਕਿਸਾਨਾਂ ਦਾ ਡਟਵਾਂ ਸਮਰਥਨ ਕੀਤਾ। ਸਮਾਜ ਦੇ ਹੋਰਨਾਂ ਵਰਗਾਂ ਨੇ ਵੀ ਕੱਲ੍ਹ ਮੋਰਚੇ ਦੇ ਸੱਦੇ ਨੂੰ ਹੁੰਗਾਰਾ ਦਿੰਦਿਆਂ ਕਿਸਾਨਾਂ ਦਾ ਸਮਰਥਨ ਕੀਤਾ। ਜਲੰਧਰ ਵਿੱਚ ਆਟੋ ਚਾਲਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਨੌਜਵਾਨ ਅਤੇ ਔਰਤਾਂ ਦੀਆਂ ਜਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ। ਬਹੁਤ ਸਾਰੇ ਅਖ਼ਬਾਰਾਂ ਨੇ ਕਿਸਾਨਾਂ ਦੇ ਪੱਖ ‘ਚ ਪ੍ਰਭਾਵਸ਼ਾਲੀ ਸੰਪਾਦਕੀ ਲੇਖ ਲਿਖੇ ਹਨ, ਜਿਹਨਾਂ ‘ਚ ਸਰਕਾਰ ਨੂੰ ਕਿਹਾ ਗਿਆ ਹੈ ਕਿ ਉਹ ਮਹਾਂਮਾਰੀ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰੇ। ਸੰਯੁਕਤ ਕਿਸਾਨ ਮੋਰਚੇ ਨੇ ਕੱਲ੍ਹ ਕਾਲਾ ਦਿਵਸ ਨੂੰ ਸਫਲ ਬਣਾਉਣ ਵਾਲੇ ਸਾਰੇ ਲੋਕਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ।