India Punjab

ਰਾਜਸਥਾਨ ‘ਚ ਸਿੱਖ ‘ਤੇ ਤਸ਼ੱਦਦ, SGPC ਨਰਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜਸਥਾਨ ਵਿੱਚ ਇੱਕ ਸਿੱਖ ਨੌਜਵਾਨ ਨਾਲ ਬੁਰੀ ਤਰੀਕੇ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਾਜਸਥਾਨ ਵਿੱਚ ਇੱਕ ਸਿੱਖ ਨੌਜਵਾਨ ਦੀ ਕੁੱਝ ਲੋਕਾਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਉਨ੍ਹਾਂ ਲੋਕਾਂ ਵੱਲੋਂ ਨੌਜਵਾਨ ਦੇ ਵਾਲਾਂ ਤੋਂ ਫੜ ਕੇ ਉਸਨੂੰ ਬੁਰੇ ਤਰੀਕੇ ਦੇ ਨਾਲ ਧੂਹਿਆ ਗਿਆ ਅਤੇ ਉਸਦੀਆਂ ਲੱਤਾਂ ਨੂੰ ਮਰੋੜਿਆ ਗਿਆ। ਨੌਜਵਾਨ ਦੀ ਲੋਕਾਂ ਨੇ ਬੁਰੇ ਤਰੀਕੇ ਨਾਲ ਡਾਂਗਾਂ ਨਾਲ ਕੁੱਟਮਾਰ ਵੀ ਕੀਤੀ। ਨੌਜਵਾਨ ਚੀਖਦਾ ਰਿਹਾ ਪਰ ਕੁੱਟਮਾਰ ਕਰਨ ਵਾਲੇ ਲੋਕਾਂ ਨੇ ਨੌਜਵਾਨ ‘ਤੇ ਰਹਿਮ ਨਹੀਂ ਕੀਤਾ ਅਤੇ ਉਸਨੂੰ ਲਗਾਤਾਰ ਕੁੱਟਦੇ ਰਹੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਨੇ ਕੁੱਝ ਲੋਕਾਂ ਵੱਲੋਂ ਕੇਸਾਂ ਦੀ ਬੇਅਦਬੀ ਕਰਨ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਰਾਜਸਥਾਨ ਅੰਦਰ ਵਾਪਰੀ ਇਹ ਘਟਨਾ ਬਹੁਤ ਦੁੱਖਦਾਈ ਹੈ, ਜਿਸ ਨਾਲ ਸਿੱਖ ਕੌਮ ਦੇ ਮਨ ਅੰਦਰ ਭਾਰੀ ਰੋਸ ਅਤੇ ਰੋਹ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਹਮੇਸ਼ਾ ਹੀ ਲੋੜਵੰਦਾਂ ਦੀ ਸਹਾਇਤਾ ਲਈ ਤਿਆਰ ਰਹਿੰਦੇ ਹਨ। ਮੌਜੂਦਾ ਸਮੇਂ ਕਰੋਨਾ ਮਹਾਂਮਾਰੀ ਦੌਰਾਨ ਜਦੋਂ ਚਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ, ਤਾਂ ਸਿੱਖਾਂ ਨੇ ਬਿਨਾਂ ਕਿਸੇ ਭੇਦ ਦੇ ਲੋੜਵੰਦਾਂ ਦੀ ਸਹਾਇਤਾ ਕੀਤੀ ਹੈ। ਬੀਬੀ ਜਗੀਰ ਕੌਰ ਨੇ ਸਰਕਾਰਾਂ ਨੂੰ ਇਸ ਮਸਲੇ ਨੂੰ ਸੰਜੀਦਗੀ ਨਾਲ ਲੈਣ ਦੀ ਮੰਗ ਕੀਤੀ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਚਾਰ ਲੋਕਾਂ ਨੇ ਸਿੱਖ ਨੌਜਵਾਨ ਦੀ ਕੁੱਟਮਾਰ ਕੀਤੀ ਸੀ, ਉਨ੍ਹਾਂ ‘ਤੇ ਰਾਜਸਥਾਨ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ, ਪਰ ਫਿਰ ਵੀ ਇਸ ਨਾਲ ਮਾਮਲਾ ਖਤਮ ਨਹੀਂ ਹੋ ਜਾਂਦਾ। ਜਿਨ੍ਹਾਂ ਸਮਾਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਨਹੀਂ ਮਿਲ ਜਾਂਦੀਆਂ, ਉਨ੍ਹਾਂ ਸਮਾਂ ਸਿੱਖਾਂ ਦੇ ਹਿਰਦੇ ਸ਼ਾਂਤ ਨਹੀਂ ਹੋਣਗੇ। ਉਨ੍ਹਾਂ ਨੇ ਰਾਜਸਥਾਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਸਜਾ ਦਿੱਤੀ ਜਾਵੇ ਤਾਂ ਕਿ ਕੋਈ ਹੋਰ ਅਜਿਹੀ ਹਰਕਤ ਨਾ ਕਰ ਸਕੇ।