The Khalas Tv Blog Punjab ਪੰਜਾਬ ‘ਚ ਹੁਣ ਕਸਬਿਆਂ, ਸ਼ਹਿਰਾਂ, ਧਰਮਸ਼ਾਲਾਵਾਂ ਨੂੰ ਨਾਂਅ ਰੱਖਣ ਤੋਂ ਪਹਿਲਾਂ ਸੋਚਣੀ ਪਵੇਗੀ ਆਹ ਗੱਲ
Punjab

ਪੰਜਾਬ ‘ਚ ਹੁਣ ਕਸਬਿਆਂ, ਸ਼ਹਿਰਾਂ, ਧਰਮਸ਼ਾਲਾਵਾਂ ਨੂੰ ਨਾਂਅ ਰੱਖਣ ਤੋਂ ਪਹਿਲਾਂ ਸੋਚਣੀ ਪਵੇਗੀ ਆਹ ਗੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਜਾਤ ਦੇ ਆਧਾਰ ‘ਤੇ ਵਸੇ ਕਸਬਿਆਂ, ਸ਼ਹਿਰਾਂ ਜਾਂ ਧਰਮਸ਼ਾਲਾਵਾਂ ਆਦਿ ਦੇ ਨਾਂ ਬਦਲਣ ਦੀ ਮੁਹਿੰਮ ਵਿੱਢ ਦਿੱਤੀ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ 

ਲੋਕਲ ਬਾਡੀਜ਼ ਵਿਭਾਗ ਨੇ ਸੂਬੇ ਦੇ ਸਮੂਹ ਕਮਿਸ਼ਨਰ ਨਗਰ ਨਿਗਮ ਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਅਰਬਨ ਡਵੈਲਪਮੈਂਟ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਭੇਜੇ ਪੱਤਰ ਦੇ ਹਿਸਾਬ ਨਾਲ ਉਹਨਾਂ ਦੇ ਅਧੀਨ ਆਉਂਦੀਆਂ ਨਗਰ ਪੰਚਾਇਤਾਂ, ਨਗਰ ਕੌਂਸਲਾਂ ਜਾਂ ਨਿਗਮ ਅਤੇ ਹੋਰ ਅਦਾਰੇ ਜਿਹਨਾਂ ਦੇ ਨਾਂ ਜਾਤ-ਪਾਤ ਦੇ ਆਧਾਰ ’ਤੇ ਹਨ ਜਿਵੇਂ ਚਮਾਹੇੜੀ, ਚੂਹੜ ਮਾਜਰਾ, ਬਾਜ਼ੀਗਰ ਬਸਤੀ, ਹਰੀਜਨ ਧਰਮਸ਼ਾਲਾ, ਹਰੀਜਨ ਸੁਸਾਇਟੀ, ਹਰੀਜਨ ਫਿਰਨੀ/ਗਲੀ ਅਤੇ ਹਰਜੀਨ ਪ੍ਰਾਇਮਰੀ ਸਕੂਲ ਆਦਿ ਦੀ ਸੂਚਨਾ ਦਫਤਰ ਨੂੰ ਭੇਜੀ ਜਾਵੇ।

ਦਰਅਸਲ, ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਚੁਣੇ ਜਾਣ ਤੋਂ ਲੋਕਾਂ, ਮੀਡੀਆ ਵੱਲੋਂ ਉਨ੍ਹਾਂ ਲਈ ਦਲਿਤ ਸ਼ਬਦ ਦੀ ਵਰਤੋਂ ਕੀਤੀ ਜਾਣ ਲੱਗੀ ਸੀ। ਇਸਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਐੱਸਸੀ ਕਮਿਸ਼ਨ ਵੱਲੋਂ ਦਲਿਤ ਸ਼ਬਦ ਦੀ ਵਰਤੋਂ ‘ਤੇ ਪਾਬੰਦੀ ਲਾਈ ਗਈ ਸੀ ਅਤੇ ਹੋਰ ਅਜਿਹੇ ਅਪਮਾਨਜਨਕ (Derogatory ) ਮੰਨੇ ਜਾਂਦੇ ਸ਼ਬਦਾਂ ਵਾਲੇ ਅਦਾਰਿਆਂ ਦੇ ਨਾਂ ਬਦਲਣ ਦੇ ਹੁਕਮ ਦਿੱਤੇ ਗਏ ਸਨ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਸੋਸ਼ਲ ਮੀਡੀਆ, ਪ੍ਰਿੰਟ ਅਤੇ ਇਲੈੱਕਟ੍ਰਾਨਿਕ ਮੀਡੀਆ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵੀ ਵਿਅਕਤੀ ਦੀ ਪਛਾਣ ਨੂੰ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਨਾ ਕਰਨ ਦੀ ਹਦਾਇਤ ਜਾਰੀ ਕੀਤੀ ਸੀ।

ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਤਜਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਸੰਵਿਧਾਨ ਜਾਂ ਕਿਸੇ ਵਿਧਾਨ ਵਿੱਚ ‘ਦਲਿਤ’ ਸ਼ਬਦ ਦਾ ਜ਼ਿਕਰ ਨਹੀਂ ਮਿਲਦਾ ਅਤੇ ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਪਹਿਲਾਂ ਹੀ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਾਰੇ ਮੁੱਖ ਸਕੱਤਰਾਂ ਨੂੰ ਇਸ ਬਾਰੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

ਉਨਾਂ ਕਿਹਾ ਕਿ ਮੱਧ ਪ੍ਰਦੇਸ਼ ਦੇ ਮਾਣਯੋਗ ਹਾਈ ਕੋਰਟ ਦੇ ਗਵਾਲੀਅਰ ਬੈਂਚ ਵੱਲੋਂ 15 ਜਨਵਰੀ 2018 ਨੂੰ ਕੇਸ ਨੰਬਰ ਡਬਲਯੂ.ਪੀ. 20420 ਆਫ 2017 (ਪੀਆਈਐਲ) ਡਾ. ਮੋਹਨ ਲਾਲ ਮਾਹੌਰ ਬਨਾਮ ਯੂਨੀਅਨ ਆਫ ਇੰਡੀਆ ਅਤੇ ਹੋਰ ਤਹਿਤ ਹੇਠ ਲਿਖੇ ਅਨੁਸਾਰ ਨਿਰਦੇਸ਼ਤ ਕੀਤਾ ਗਿਆ ਹੈ ਕਿ:

“ਕੇਂਦਰ ਸਰਕਾਰ/ਰਾਜ ਸਰਕਾਰ ਅਤੇ ਇਸਦੇ ਅਧਿਕਾਰੀ/ਕਰਮਚਾਰੀ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਦੇ ਮੈਂਬਰਾਂ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕਰਨ ਤੋਂ ਗੁਰੇਜ ਕਰਨਗੇ ਕਿਉਂਕਿ ਇਹ ਭਾਰਤ ਦੇ ਸੰਵਿਧਾਨ ਜਾਂ ਕਿਸੇ ਕਾਨੂੰਨ ਵਿੱਚ ਮੌਜੂਦ ਨਹੀਂ ਹੈ”।

ਉਨਾਂ ਕਿਹਾ ਕਿ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਸਮੂਹ ਸੂਬਾ ਸਰਕਾਰਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਅਕਤੀਆਂ ਲਈ “ਦਲਿਤ“ ਦੀ ਬਜਾਏ “ਅਨੁਸੂਚਿਤ ਜਾਤੀ “ ਸ਼ਬਦ ਦੀ ਵਰਤੋਂ ਕੀਤੀ ਜਾਵੇ।

ਇਸ ਸਬੰਧੀ ਵੱਖ-ਵੱਖ ਮੀਡੀਆ ਸਮੂਹਾਂ ਵਲੋਂ ਕੀਤੀ ਜਾ ਰਹੀ ਉਲੰਘਣਾ ਦੀਆਂ ਰਿਪੋਰਟਾਂ ‘ਤੇ ਕਾਰਵਾਈ ਕਰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪ੍ਰਾਈਵੇਟ ਸੈਟੇਲਾਈਟ ਟੀਵੀ ਚੈਨਲਾਂ ਨੂੰ ਨੋਟਿਸ ਜਾਰੀ ਕਰਕੇ ਉਨਾਂ ਨੂੰ ਬੰਬੇ ਹਾਈ ਕੋਰਟ ਦੁਆਰਾ ਪਹਿਲਾਂ ਦਿੱਤੇ ਹੁਕਮ ਦੀ ਪਾਲਣਾ ਕਰਦਿਆਂ ਰਿਪੋਰਟਾਂ ਵਿੱਚ  ‘ਦਲਿਤ’ ਸ਼ਬਦ ਦੀ ਵਰਤੋਂ ਨਾ ਕਰਨ ਲਈ ਕਿਹਾ ਹੈ।

ਪੰਜਾਬ ਦੀ ਸਾਬਕਾ ਮੁੱਖ ਸਕੱਤਰ ਵਿਨੀ ਮਹਾਜਨ

ਤੁਹਾਨੂੰ ਦੱਸ ਦਈਏ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ 13 ਸਤੰਬਰ 2021 ਨੂੰ ਪੰਜਾਬ ਦੀ ਸਾਬਕਾ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਲਿਖੇ ਇੱਕ ਪੱਤਰ ਵਿੱਚ ਜਾਤੀ ਆਧਾਰਿਤ ਨਾਂਵਾਂ ਵਾਲੇ ਪਿੰਡਾਂ, ਕਸਬਿਆਂ ਅਤੇ ਹੋਰ ਥਾਂਵਾਂ  ਜਿਨ੍ਹਾਂ ਦੇ ਨਾਂਵਾਂ ਵਿੱਚ ਚਮਾਰ, ਹੇੜੀ ਆਦਿ ਸ਼ਾਮਲ ਹੈ, ਨੂੰ ਬਦਲਣ ਦੀ ਅਪੀਲ ਕੀਤੀ ਸੀ ਅਤੇ ਅਜਿਹੇ ਸ਼ਬਦਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਸੀ। ਇਸ ਤੋਂ ਇਲਾਵਾ ਸਾਲ 2017 ਵਿੱਚ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾ ਕੇ ਸਰਕਾਰੀ ਕੰਮਕਾਜ ਵਿੱਚ ਹਰੀਜਨ ਅਤੇ ਗਿਰੀਜਨ ਸ਼ਬਦ ਨਾ ਵਰਤਣ ਦੀ ਵੀ ਹਦਾਇਤ ਕੀਤੀ ਸੀ।

Exit mobile version