ਬਿਊਰੋ ਰਿਪੋਰਟ (28 ਫਰਵਰੀ, 2026): ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਜ਼ਿਲ੍ਹੇ ਦੇ ਪਿੰਡ ਵੇਟਲਾਪਲੇਮ ਵਿੱਚ ਸ਼ਨੀਵਾਰ ਦੁਪਹਿਰ ਇੱਕ ਪਟਾਕਾ ਬਣਾਉਣ ਵਾਲੀ ਯੂਨਿਟ (ਸੂਰਿਆ ਸ਼੍ਰੀ ਫਾਇਰਵਰਕਸ) ਵਿੱਚ ਹੋਏ ਜ਼ਬਰਦਸਤ ਧਮਾਕੇ ਨੇ ਹਰ ਪਾਸੇ ਦਹਿਸ਼ਤ ਫੈਲਾ ਦਿੱਤੀ ਹੈ। ਇਸ ਦਿਲ ਕੰਬਾਊ ਹਾਦਸੇ ਵਿੱਚ ਹੁਣ ਤੱਕ 18 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਮਹਿਲਾ ਮਜ਼ਦੂਰ ਸ਼ਾਮਲ ਹਨ।
ਚਸ਼ਮਦੀਦਾਂ ਅਨੁਸਾਰ ਇਹ ਧਮਾਕਾ ਦੁਪਹਿਰ ਕਰੀਬ 2 ਵਜੇ ਹੋਇਆ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸ ਦੀ ਆਵਾਜ਼ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ ਅਤੇ ਨੇੜਲੇ ਪਿੰਡਾਂ ਦੇ ਘਰਾਂ ਵਿੱਚ ਵੀ ਕੰਬਣੀ ਮਹਿਸੂਸ ਕੀਤੀ ਗਈ। ਧਮਾਕੇ ਕਾਰਨ ਫੈਕਟਰੀ ਦੀ ਇਮਾਰਤ ਪੂਰੀ ਤਰ੍ਹਾਂ ਤਬਾਹ ਹੋ ਗਈ ਅਤੇ ਕਈ ਲਾਸ਼ਾਂ ਉੱਡ ਕੇ ਨੇੜਲੇ ਖੇਤਾਂ ਵਿੱਚ ਜਾ ਡਿੱਗੀਆਂ।
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਤੁਰੰਤ ਗ੍ਰਹਿ ਮੰਤਰੀ ਵੰਗਾਲਪੁਡੀ ਅਨੀਤਾ ਨੂੰ ਘਟਨਾ ਵਾਲੀ ਥਾਂ ’ਤੇ ਪਹੁੰਚਣ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਈਆਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

