India

ਕੇਰਲ ’ਚ ਪਟਾਕਾ ਫੈਕਟਰੀ ਅੰਦਰ ਭਿਆਨਕ ਧਮਾਕਾ! 13 ਮਜ਼ਦੂਰਾਂ ਦੀ ਦਰਦਨਾਕ ਮੌਤ

ਤ੍ਰਿਸ਼ੂਰ (21 ਅਪ੍ਰੈਲ, 2026): ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ ਵਿੱਚ ਮੰਗਲਵਾਰ ਦੁਪਹਿਰ ਇੱਕ ਪਟਾਕਾ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਣ ਕਾਰਨ 13 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਦੁਪਹਿਰ ਲਗਭਗ 3.30 ਵਜੇ ਵਾਪਰਿਆ, ਜਿਸ ਸਮੇਂ ਫੈਕਟਰੀ ਦੇ ਸ਼ੈੱਡ ਵਿੱਚ ਕਰੀਬ 40 ਮਜ਼ਦੂਰ ਕੰਮ ਕਰ ਰਹੇ ਸਨ। ਧਮਾਕਾ ਇੰਨਾ ਭਿਆਨਕ ਸੀ ਕਿ ਕਈ ਲੋਕ ਬੁਰੀ ਤਰ੍ਹਾਂ ਝੁਲਸ ਗਏ ਅਤੇ ਫੈਕਟਰੀ ਦੀ ਇਮਾਰਤ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ।

ਦਿਲ ਕੰਬਾਊ ਮੰਜ਼ਰ

ਰਾਜ ਆਫ਼ਤ ਪ੍ਰਬੰਧਨ ਅਥਾਰਟੀ ਮੁਤਾਬਕ ਮੌਕੇ ਤੋਂ 10 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦਕਿ 3 ਲੋਕਾਂ ਦੇ ਸਰੀਰ ਦੇ ਹਿੱਸੇ ਇਧਰ-ਉਧਰ ਖਿੱਲਰੇ ਹੋਏ ਮਿਲੇ ਹਨ। ਇਸ ਹਾਦਸੇ ਵਿੱਚ 5 ਮਜ਼ਦੂਰਾਂ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ, ਜਦਕਿ 17 ਹੋਰ ਮਾਮੂਲੀ ਰੂਪ ਵਿੱਚ ਜ਼ਖ਼ਮੀ ਹੋਏ ਹਨ। ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ, ਪਰ ਰੁਕ-ਰੁਕ ਕੇ ਹੋ ਰਹੇ ਧਮਾਕਿਆਂ ਕਾਰਨ ਰਾਹਤ ਕਾਰਜਾਂ ਵਿੱਚ ਕਾਫ਼ੀ ਮੁਸ਼ਕਲ ਪੇਸ਼ ਆਈ।

ਮੁਆਵਜ਼ੇ ਦਾ ਐਲਾਨ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪੀਐਮਓ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਸ਼ਾਮਲ ਹਨ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਨ।