The Khalas Tv Blog Punjab ਖ਼ਾਲਸਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ ’ਚ ਵਾਪਸ ਰਵਾਨਾ ਹੋਈ ਪੰਜ ਤਖ਼ਤ ਸਾਹਿਬਾਨ ਦੀ ਰੇਲ ਯਾਤਰਾ!
Punjab Religion

ਖ਼ਾਲਸਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ ’ਚ ਵਾਪਸ ਰਵਾਨਾ ਹੋਈ ਪੰਜ ਤਖ਼ਤ ਸਾਹਿਬਾਨ ਦੀ ਰੇਲ ਯਾਤਰਾ!

ਅੰਮ੍ਰਿਤਸਰ: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਵਾਪਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿਚ ਰਵਾਨਗੀ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਤਖ਼ਤਾਂ ਦੀ ਯਾਤਰਾ ਲਈ ਆਈਆਂ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ਅੰਦਰ ਪੰਜ ਤਖ਼ਤਾਂ ਦੀ ਆਪਣੀ ਮਹਾਨਤਾ ਹੈ ਅਤੇ ਹਰ ਸਿੱਖ ਤਖ਼ਤਾਂ ਦੇ ਦਰਸ਼ਨਾਂ ਦੀ ਤਾਂਘ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਗਤਾਂ ਨੇ ਵਿਸ਼ੇਸ਼ ਰੇਲ ਰਾਹੀਂ ਨਗਰ ਕੀਰਤਨ ਦੇ ਰੂਪ ਵਿਚ ਪੰਜ ਤਖ਼ਤਾਂ ਦੇ ਦਰਸ਼ਨ ਕੀਤੇ ਹਨ, ਜੋ ਵਡਭਾਗੇ ਹਨ।

ਨਗਰ ਕੀਰਤਨ ਦੀ ਰਵਾਨਗੀ ਮੌਕੇ ਪੁਲਿਸ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਹਾਥੀ, ਘੋੜਿਆਂ ਸਮੇਤ ਖ਼ਾਲਸਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ ਗਈ।

ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸਿੰਘ ਸਾਹਿਬ ਬਾਬਾ ਗੁਰਮੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਗੁਰਲਾਲ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸ. ਤਰਸੇਮ ਸਿੰਘ ਮੋਰਾਂਵਾਲੀ, ਸ. ਰਵਿੰਦਰ ਸਿੰਘ ਕਪੂਰ, ਸ. ਰਵਿੰਦਰ ਸਿੰਘ ਬੁੰਗਈ ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਹਾਜ਼ਰੀ ਭਰੀ।

Exit mobile version