‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ 3 ਅਕਤੂਬਰ ਨੂੰ ਲਖੀਮਪੁਰ ਖੀਰੀ ਘਟਨਾ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਉੱਤਰ ਪ੍ਰਦੇਸ਼ ਦੇ ਤਿਕੋਨੀਆ ਵਿੱਚ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਬੀਬੀਆਂ, ਬਜ਼ੁਰਗ ਸ਼ਾਮਿਲ ਹੋ ਰਹੇ ਹਨ।

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਢਾਡੀ ਜਥੇ ਵੱਲੋਂ ਸੰਗਤ ਅੰਦਰ ਬੀਰ ਰਸ ਵਾਰਾਂ ਦੇ ਨਾਲ ਕਿਸਾਨੀ ਅੰਦੋਲਨ ਪ੍ਰਤੀ ਜੋਸ਼ ਭਰਿਆ ਜਾ ਰਿਹਾ ਹੈ ਅਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ। ਕਿਸਾਨ ਲੀਡਰਾਂ ਵੱਲੋਂ ਵੀ ਸਮਾਗਮ ਵਿੱਚ ਪਹੁੰਚ ਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਤੁਹਾਨੂੰ ਦੱਸ ਦਈਏ ਕਿ ਤਿਕੋਨੀਆ ਉਹੀ ਜਗ੍ਹਾ ਹੈ ਜਿੱਥੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤ ਆਸ਼ੀਸ਼ ਮਿਸ਼ਰਾ ਨੇ ਆਪਣੀ ਥਾਰ ਗੱਡੀ ਨਾਲ ਦਰੜ ਦਿੱਤਾ ਸੀ ਅਤੇ ਲਗਾਤਾਰ ਤਿੰਨ ਗੱਡੀਆਂ ਕਿਸਾਨਾਂ ਦੇ ਉੱਤੋਂ ਦੀ ਲੰਘਦੀਆਂ ਦਿਖਾਈ ਦਿੱਤੀਆਂ। ਇਸ ਘਟਨਾ ਵਿੱਚ ਕਈ ਕਿਸਾਨ ਗੰਭੀਰ ਜ਼ਖ਼ਮੀ ਵੀ ਹੋਏ ਸਨ। ਫਿਲਹਾਲ ਪੁਲਿਸ ਨੇ ਆਸ਼ੀਸ਼ ਮਿਸ਼ਰਾ ਦਾ ਤਿੰਨ ਦਿਨਾਂ ਪੁਲਿਸ ਰਿਮਾਂਡ ਲਿਆ ਹੋਇਆ ਹੈ।
