Punjab

ਰਾਜੋਆਣਾ ਦੀ ਸਜ਼ਾ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਹ ਖ਼ਬਰ, ਜਾਣੋ ਸੱਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਖ਼ਬਰ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋ ਰਹੀ ਹੈ। ਪਰ ਅੱਜ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਇਸ ਖ਼ਬਰ ਦਾ ਖੰਡਨ ਕਰਦਿਆਂ ਇਸਨੂੰ ਗੁੰਮਰਾਹਕੁੰਨ ਅਤੇ ਝੂਠਾ ਕਰਾਰ ਦਿੱਤਾ ਹੈ। ਕਮਲਦੀਪ ਕੌਰ ਨੇ ਕੇਂਦਰੀ ਮੰਤਰੀ ਦੇ ਇਸ ਬਿਆਨ ਨੂੰ ਮੰਦਭਾਗਾ ਅਤੇ ਦਿਲ ਦੁਖਾਉਣ ਵਾਲਾ ਦੱਸਿਆ। ਫੇਸਬੁੱਕ ਉੱਤੇ ਪਾਈ ਪੋਸਟ ਵਿੱਚ ਬੀਬੀ ਰਾਜੋਆਣਾ ਨੇ ਦੱਸਿਆ ਕਿ ਸਾਲ 2019 ਦੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਉੱਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ ਗਿਆ ਸੀ, ਉਹ ਅੱਜ ਤੱਕ ਲਾਗੂ ਨਹੀਂ ਹੋਇਆ।

ਬੀਬੀ ਕਮਲਦੀਪ ਕੌਰ ਵੱਲੋਂ ਫੇਸਬੁੱਕ ਉੱਤੇ ਪਾਈ ਗਈ ਪੋਸਟ

ਬਲਵੰਤ ਸਿੰਘ ਰਾਜੋਆਣਾ ਵੱਲੋਂ 3 ਸਤੰਬਰ 2020 ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ। ਸੁਪਰੀਮ ਕੋਰਟ ਨੇ  ਕੇਂਦਰ ਸਰਕਾਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਸਨ। ਸੁਪਰੀਮ ਕੋਰਟ ਦੇ ਛੇ ਵਾਰ ਆਦੇਸ਼ ਕਰਨ ਦੇ ਬਾਵਜੂਦ ਵੀ ਕੇਂਦਰ ਸਰਕਾਰ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਫੈਸਲਾ ਨਹੀਂ ਲਿਆ।