ਮਾਨਸਾ : ਪੰਜਾਬ ਦੇ ਮਾਨਸਾ ਜਿਲ੍ਹੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਜਿਲ੍ਹੇ ਵਿੱਚ ਵੱਖ-ਵੱਖ ਘਟਨਾਵਾਂ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਅੱਕਾਂਵਾਲੀ ਵਿੱਚ ਕਿਸਾਨ ਸੰਦੀਪ ਸਿੰਘ (32) ਦੀ ਕਣਕ ਦੀ ਬਿਜਾਈ ਵੇਲੇ ਸੁਪਰਸੀਡਰ ਵਿੱਚ ਆਉਣ ਕਾਰਨ ਮੌਤ ਹੋ ਗਈ। ਬੀਤੇ ਦਿਨ ਬਿਜਾਈ ਸਮੇਂ ਮਸ਼ੀਨ ਵਿੱਚ ਬੀਜ ਦੇਖਦਿਆਂ ਅਚਾਨਕ ਸੰਦੀਪ ਮਸ਼ੀਨ ਅੱਗੇ ਡਿੱਗ ਪਿਆ।
ਉਸ ਨੂੰ ਇਲਾਜ ਲਈ ਸਿਰਸਾ ਦੇ ਹਸਪਤਾਲ ਲਿਜਾਇਆ ਗਿਆ ਪਰ ਉੱਥੋਂ ਉਸ ਨੂੰ ਕਿਸੇ ਹੋਰ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਕਿਸਾਨ ਆਜ਼ਾਦੀ ਘੁਲਾਟੀਆ ਪਰਿਵਾਰ ਨਾਲ ਸਬੰਧਤ ਸੀ। ਇਸ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਵਿਧਾਇਕ ਬੁੱਧ ਰਾਮ ਨੇ ਸੰਦੀਪ ਦੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕਰਨ ਦਾ ਭਰੋਸਾ ਦਿੱਤਾ।
ਇਸੇ ਦੌਰਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਹੀਰਕੇ ਵਿੱਚ ਇਕ ਕਿਸਾਨ ਰਣਜੀਤ ਸਿੰਘ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਹ ਕਿਸਾਨ ਦੋ ਏਕੜ ਜ਼ਮੀਨ ਦਾ ਮਾਲਕ ਸੀ। ਉਹ ਆਪਣੇ ਖੇਤ ਵਿੱਚ ਕੰਮ ਕਰ ਰਿਹਾ ਸੀ ਅਤੇ ਕੰਮ ਕਰਦੇ ਹੋਏ ਕਿਸਾਨ ਨੂੰ ਕਰੰਟ ਲੱਗ ਗਿਆ। ਉਸ ਨੂੰ ਸਿਵਲ ਹਸਪਤਾਲ ਸਰਦੂਲਗੜ੍ਹ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੋਸਟਮਾਰਟਮ ਤੋਂ ਬਾਅਦ ਉਸ ਦਾ ਸਸਕਾਰ ਕਰ ਦਿੱਤਾ ਗਿਆ।


 
																		 
																		 
																		 
																		 
																		