The Khalas Tv Blog Khetibadi ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ !
Khetibadi Punjab

ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ !

ਬਿਉਰੋ ਰਿਪੋਰਟ – ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਮਿਆਰ ਦੀ ਡਾਈਮੋਨੀਅਮ ਫਾਸਫੇਟ ਖਾਦ ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਜਿਨ੍ਹਾਂ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਮੈਸਰਜ਼ ਮਧਯ ਭਾਰਤ ਐਗਰੋ ਪ੍ਰੋਡੱਕਟਸ ਲਿਮਟਿਡ ਅਤੇ ਮੈਸਰਜ਼ ਕ੍ਰਿਸ਼ਨਾ ਫੋਸ਼ੈਮ ਪ੍ਰਾਈਵੇਟ ਲਿਮਟਿਡ ਸ਼ਾਮਲ ਹਨ।

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਮਾਰਕਫੈੱਡ ਨੂੰ ਸਪਲਾਈ ਕੀਤੇ ਗਏ ਡੀ.ਏ.ਪੀ. ਸਟਾਕ ਵਿੱਚੋਂ 40 ਨਮੂਨੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਖਾਦ ਕੰਟਰੋਲ ਆਰਡਰ 1985 ਮੁਤਾਬਿਕ ਇਨ੍ਹਾਂ ਵਿੱਚੋਂ 24 ਨਮੂਨੇ ਗ਼ੈਰ-ਮਿਆਰੀ ਪਾਏ ਗਏ ਹਨ ਅਤੇ ਦੋ ਨਮੂਨਿਆਂ ਦੀ ਰਿਪੋਰਟ ਅਜੇ ਆਉਣੀ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਢੁਕਵੀਂ ਅਗਲੇਰੀ ਕਾਰਵਾਈ ਲਈ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਵੀ ਇਤਲਾਹ ਕਰ ਦਿੱਤਾ ਗਿਆ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਭਰ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਚਲਾਈ ਹੈ ਅਤੇ ਵਿੱਤੀ ਸਾਲ 2024-25 ਦੌਰਾਨ 4700 ਖਾਦ ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ ਗਿਆ ਹੈ। ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਜਸਵੰਤ ਸਿੰਘ ਨੇ ਦੱਸਿਆ ਕਿ ਕੁਆਲਟੀ ਕੰਟਰੋਲ ਮੁਹਿੰਮ ਤਹਿਤ ਹੁਣ ਤੱਕ ਖਾਦਾਂ ਦੇ 1004 ਸੈਂਪਲ ਲੈ ਕੇ ਜਾਂਚ ਲਈ ਵੱਖ-ਵੱਖ ਲੈਬਾਰਟਰੀਆਂ ਵਿੱਚ ਭੇਜੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਡਾਇਰੈਕਟਰ ਨੂੰ ਖੇਤੀ ਸਮੱਗਰੀ ਦੀ ਸਪਲਾਈ ਦੀ ਸਮੀਖਿਆ ਕਰਨ ਲਈ ਕਿਹਾ ਤਾਂ ਜੋ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।

Exit mobile version