Punjab

ਪੜ੍ਹਾਈ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲਦਿਆਂ ਡੇਰਾਬੱਸੀ ਤੇ ਪਟਿਆਲਾ ’ਚ ਦੋ ਵਿਦਿਆਰਥੀਆਂ ਨੇ ਚੁੱਕਿਆ ਇਹ ਕਦਮ…

Two students committed suicide in Derabassi and Patiala due to mental distress due to studies...

ਚੰਡੀਗੜ੍ਹ : ਅੰਬਾਲਾ ਕੌਮੀ ਮਾਰਗ ’ਤੇ ਸਥਿਤ ਸੁਖਮਨੀ ਡੈਂਟਲ ਕਾਲਜ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਵਿਧਿਆਰਥਣ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਜਾਣਕਾਰੀ ਮੁਤਾਬਕ ਸੁਖਮਨੀ ਡੈਂਟਲ ਕਾਲਜ ਦੀ ਬੀਡੀਐੱਸ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ 21 ਸਾਲਾ ਸਿਮਰਨ ਵਾਸੀ ਪਿੰਡ ਕੁਕਰਾਣਾ, ਜ਼ਿਲ੍ਹਾ ਪਾਣੀਪਤ (ਹਰਿਆਣਾ) ਵਜੋਂ ਹੋਈ ਹੈ।

ਸਿਮਰਨ ਕਾਲਜ ਦੇ ਹੋਸਟਲ ਵਿੱਚ ਹੀ ਰਹਿੰਦੀ ਸੀ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਬਾਅਦ ਦੁਪਹਿਰ 3 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਦਿਆਰਥਣ ਨੇ ਆਪਣੇ ਕਮਰੇ ਵਿੱਚ ਖ਼ੁਦਕੁਸ਼ੀ ਕਰ ਲਈ ਹੈ। ਮੌਕੇ ’ਤੇ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਕਮਰੇ ਦੇ ਪੱਖੇ ਨਾਲ ਲਟਕ ਰਹੀ ਸੀ ਅਤੇ ਅੰਦਰ ਤੋਂ ਕੁੰਡੀ ਬੰਦ ਸੀ। ਉਸ ਵੱਲੋਂ ਚੁੰਨੀ ਨਾਲ ਫਾਹਾ ਲਿਆ ਗਿਆ। ਲਾਸ਼ ਨੂੰ ਥੱਲੇ ਉਤਾਰ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਕਮਰੇ ਵਿੱਚੋਂ ਮਿਲੀ ਇਕ ਕਾਪੀ ਵਿੱਚ ਉਸ ਨੇ ਖ਼ੁਦਕੁਸ਼ੀ ਨੋਟ ਲਿਖਿਆ ਹੋਇਆ ਹੈ ਕਿ ਉਹ ਪੜ੍ਹਾਈ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਹੀ ਹੈ ਜਿਸ ਕਰ ਕੇ ਉਹ ਇਹ ਕਦਮ ਚੁੱਕ ਰਹੀ ਹੈ। ਮ੍ਰਿਤਕਾ ਦਾ ਛੋਟਾ ਭਰਾ ਵੀ ਇਸੇ ਕਾਲਜ ਵਿੱਚ ਬੀਡੀਐੱਸ ਕਰ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਆਉਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

ਦੂਜੇ ਪਾਸੇ ਥਾਪਰ ਯੂਨੀਵਰਸਿਟੀ ਪਟਿਆਲਾ ਤੋਂ ਵੀ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਹੋਸਟਲ ਵਿੱਚ ਇੱਕ ਵਿਦਿਆਰਥੀ ਨੇ ਫਾਹਾ ਲੈ ਲਿਆ। ਇਹ ਵਿਦਿਆਰਥੀ ਯੂਨੀਵਰਸਿਟੀ ਵਿੱਚ ਕੈਮੀਕਲ ਇੰਜਨੀਅਰਿੰਗ ਦਾ ਕੋਰਸ ਕਰ ਰਿਹਾ ਸੀ। ਮ੍ਰਿਤਕ ਦੀ ਪਛਾਣ ਹਿਮੇਸ਼ ਯਾਦਵ  ਵਾਸੀ ਕੋਟਾ (ਰਾਜਸਥਾਨ) ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਵਿਦਿਆਰਥੀ ਨੇ ਇਮਤਿਹਾਨ ਵਧੀਆ ਨਾ ਹੋਣ ਕਾਰਨ ਇਹ ਕਦਮ ਚੁੱਕਿਆ ਹੈ। ਥਾਣਾ ਸਿਵਲ ਲਾਈਨਜ਼ ਦੇ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਹ ਹਰ ਸਾਲ ਪੜ੍ਹਾਈ ਵਿੱਚੋਂ ਅੱਵਲ ਆਉਂਦਾ ਸੀ। ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਮਾਪਿਆਂ ਨੂੰ ਫੋਨ ਕਰਕੇ ਦੱਸਿਆ ਸੀ ਕਿ ਉਸ ਦਾ 12 ਮਈ ਨੂੰ ਇਮਤਿਹਾਨ ਵਧੀਆ ਨਹੀਂ ਹੋਇਆ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।