Punjab

ਦਿੱਲੀ ਕੂਚ ਦੇ ਦੋ ਸਾਲ ਪੂਰੇ , ਮੰਗਾਂ ਲਈ ਹੁਣ ਵੀ ਸੜਕਾਂ ‘ਤੇ ਕਿਸਾਨ

Two years of the Delhi Front have been completed ,Farmers are still on the streets for demands

ਮੁਹਾਲੀ :  ਸੰਯੁਕਤ ਕਿਸਾਨ ਮੋਰਚਾ (Samyukta Kisan Morcha, ) ਵਲੋਂ ਦਿੱਲੀ ਕਿਸਾਨੀ ਮੋਰਚਾ ਦੇ 2 ਸਾਲ ਪੂਰੇ ਹੋਣ ‘ਤੇ ਰਹਿੰਦੀਆਂ ਮੰਗਾਂ ਨੂੰ ਲੈ ਕੇ ਅੱਜ 26 ਨਵੰਬਰ ਨੂੰ ਹੱਲਾ ਬੋਲ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਪੂਰੇ ਭਾਰਤ ਦੀਆਂ ਸੂਬਾਈ ਰਾਜਧਾਨੀਆਂ ਵਿੱਚ ਕੇਂਦਰ ਸਰਕਾਰ ਵਿਰੁੱਧ ਵਿਸ਼ਾਲ ਰੋਸ ਮਾਰਚ ਕਰਕੇ ਕਿਸਾਨਾਂ ਨੇ ਰਾਜਪਾਲਾਂ ਦੇ ਉਪ ਰਾਜਪਾਲਾਂ ਨੂੰ ਮੰਗ ਪੱਤਰ ਸੌਂਪੇ ਹਨ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਮੁਹਾਲੀ ਵਿੱਚ ਵੱਡੇ ਇਕੱਠ ਨਾਲ ਪੁੱਜੀਆਂ।

ਹਜ਼ਾਰਾਂ ਕਿਸਾਨ ਪਹੁੰਚੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਦੇਸ਼ ਭਰ ਵਿੱਚ ਕਿਸਾਨ ਵੱਖ ਵੱਖ ਜਥੇਬੰਦੀਆਂ ਨੇ ਆਪੋ ਆਪਣੇ ਸੂਬੇ ਦੇ ਰਾਜਪਾਲਾਂ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਇਹ ਮੰਗ ਪੱਤਰ ਦਿੱਤੇ ਹਨ।

ਦਿੱਲੀ ਚਲੋ’ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਪੰਜਾਬ ਦੇ ਕਿਸਾਨ ਵੱਡੀ ਗਿਣਤੀ ‘ਚ ਮੁਹਾਲੀ ਵਿਖੇ ਵੀ ਇਕੱਠੇ ਹੋਏ। ਅੱਜ ਮਾਰਚ ਕਰਨ ਤੋਂ ਪਹਿਲਾਂ ਕਿਸਾਨ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਖੁੱਲ੍ਹੇ ਮੈਦਾਨ ਵਿੱਚ ਬਣਾਏ ਪੰਡਾਲ ਵਿੱਚ ਇੱਕਠੇ ਹੋਏ। ਕਿਸਾਨਾਂ ਨੂੰ 33 ਕਿਸਾਨ ਜੱਥੇਬੰਦੀਆਂ ਦੇ ਸੂਬਾਈ ਆਗੂਆਂ ਨੇ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਦੇ ਦੂਜੇ ਪੜਾਅ ਦੀ ਸ਼ੁਰੂਆਤ ਦੀ ਮਹੱਤਤਾ ਬਾਰੇ ਪ੍ਰੇਰਿਤ ਕਰਦਿਆਂ ਇੱਕ ਦੇਸ਼ ਵਿਆਪੀ ਕਿਸਾਨ ਲਹਿਰ ਉਸਾਰਨ ਦੀ ਲੋੜ ਨੂੰ ਜ਼ੋਰ-ਸ਼ੋਰ ਨਾਲ ਉਭਾਰਿਆ।

ਉਗਰਾਹਾਂ ਨੇ ਦੱਸਿਆ ਕਿ ਸਾਲ ਤੋਂ ਵੱਧ ਲੜੇ ਗਏ ਦਿੱਲੀ ਕਿਸਾਨ ਮੋਰਚੇ ਰਾਹੀਂ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਸਮੇਂ ਕੇਂਦਰ ਸਰਕਾਰ ਤੋਂ ਲਏ ਲਿਖਤੀ ਵਾਅਦਿਆਂ ਤੋਂ ਭੱਜੀ ਮੋਦੀ ਸਰਕਾਰ ਵਿਰੁੱਧ ਕਿਸਾਨਾਂ ਅੰਦਰ ਭਾਰੀ ਰੋਸ ਹੈ। ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਐੱਮਐੱਸਪੀ ਮਿਲਣ ਦੀ ਕਾਨੂੰਨੀ ਗਰੰਟੀ, ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਕਤੀ, ਲਖੀਮਪੁਰ ਖੀਰੀ ‘ਚ ਕਿਸਾਨਾਂ ਦੇ ਕਤਲੇਆਮ ਦੇ ਕਥਿਤ ਸਾਜਿਸ਼ਘਾੜੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਬਰਖਾਸਤਗੀ, ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲੀਸ ਕੇਸਾਂ ਦੀ ਵਾਪਸੀ, ਬਿਜਲੀ ਬਿੱਲ 2022 ਦੀ ਵਾਪਸੀ, 60 ਸਾਲ ਤੋਂ ਉੱਪਰ ਔਰਤਾਂ ਸਮੇਤ ਹਰ ਕਿਸਾਨ ਨੂੰ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਸਰਕਾਰੀ ਖਰਚੇ ‘ਤੇ ਫਸਲੀ ਬੀਮਾ ਆਦਿ ਭਖਦੇ ਕਿਸਾਨੀ ਮਸਲਿਆਂ ਦੇ ਪੁਖਤਾ ਹੱਲ ਤੋਂ ਬਿਨਾਂ ਕਿਸਾਨਾਂ ਦੇ ਰੋਹ ਨੂੰ ਸ਼ਾਂਤ ਨਹੀਂ ਕੀਤਾ ਜਾ ਸਕਦਾ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਅਜੇ ਵੀ ਆਪਣਾ ਅੜੀਅਲ ਵਤੀਰਾ ਜਾਰੀ ਰੱਖਿਆ ਤਾਂ ਦਿਨੋਂ-ਦਿਨ ਵੱਧ ਰਹੇ ਕਿਸਾਨ ਰੋਹ ਦਾ ਸਾਹਮਣਾ ਉਸ ਨੂੰ ਦੇਸ਼ ਭਰ ਦੇ ਕਿਸਾਨਾਂ ਦੇ ਵਿਸ਼ਾਲ ਅਤੇ ਤਿੱਖੇ ਅੜੀ-ਭੰਨ ਪੱਕੇ ਮੋਰਚੇ ਦੇ ਰੂਪ ਵਿੱਚ ਕਰਨਾ ਪਵੇਗਾ।

ਉਨ੍ਹਾਂ ਦੱਸਿਆ ਕਿ ਖੇਤ ਮਜ਼ਦੂਰਾਂ, ਮੁਲਾਜ਼ਮਾਂ, ਠੇਕਾ ਕਾਮਿਆਂ, ਅਧਿਆਪਕਾਂ, ਬੇਰੁਜ਼ਗਾਰਾਂ, ਵਿਦਿਆਰਥੀਆਂ, ਨੌਜਵਾਨਾਂ ਦੀਆਂ ਹਮਾਇਤੀ ਜਥੇਬੰਦੀਆਂ ਨੇ ਵੀ ਇਸ ਸਰਬਸਾਂਝੇ ਕਿਸਾਨ ਸੰਘਰਸ਼ ਵਿੱਚ ਸੰਕੇਤਕ ਸ਼ਮੂਲੀਅਤ ਕੀਤੀ ਹੈ।

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਦੇਸ਼ ਭਰ ‘ਚ ਰਾਜਭਵਨਾਂ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ ਸੀ, ਪ੍ਰਾਪਤ ਰਿਪੋਰਟਾਂ ਅਨੁਸਾਰ ਦੋ ਦਰਜਨ ਤੋਂ ਵੱਧ ਸੂਬਿਆਂ ਵਿੱਚ ਮਾਰਚ ਕੀਤੇ ਗਏ ਹਨ।