‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਬਾਰਡਰ ‘ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਰੀਬ 21 ਦਿਨ ਹੋ ਗਏ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੇ ਮਸਲਿਆਂ ਦਾ ਹੱਲ ਨਹੀਂ ਕੱਢ ਰਹੀ। ਇਸ ਦੌਰਾਨ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਕਿਸਾਨ ਹਰ ਦਿਨ ਮੌਤ ਦਾ ਸ਼ਿਕਾਰ ਹੋ ਰਹੇ ਹਨ। ਬੀਤੇ ਦਿਨ ਵਾਪਰੀਆਂ ਦੋ ਦਰਦਨਾਕ ਘਟਨਾਵਾਂ ਵਿੱਚ ਦੋ ਨੌਜਵਾਨ ਕਿਸਾਨਾਂ ਦੀ ਮੌਤ ਹੋ ਗਈ ਹੈ।
ਹਰਿਆਣੇ ਦੇ ਕੁਰੂਕਸ਼ੇਤਰ ਜ਼ਿਲੇ ਦੇ ਸ਼ਾਹਬਾਦ ਨੇੜੇ ਜੀਟੀ ਰੋਡ ‘ਤੇ ਦਿੱਲੀ ਤੋਂ ਵਾਪਸ ਆ ਰਹੀ ਇੱਕ ਟਰੈਕਟਰ-ਟਰਾਲੀ ਨੂੰ ਟਰੱਕ ਨੇ ਪਿੱਛੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ 22 ਸਾਲਾ ਨੌਜਵਾਨ ਕਿਸਾਨ ਦੀ ਮੌਤ ਹੋ ਗਈ, ਜਦਕਿ ਛੇ ਕਿਸਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨੂੰ ਤੁਰੰਤ ਜੀਟੀ ਰੋਡ ਸਥਿਤ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਗੰਭੀਰ ਰੂਪ ਨਾਲ ਜ਼ਖਮੀ ਹੋਏ 22 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਨਿਵਾਸੀ ਨਵਾਂਸ਼ਹਿਰ, ਪੰਜਾਬ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੂਜੀ ਘਟਨਾ ਵਿੱਚ ਇੱਕ ਹੋਰ ਕਿਸਾਨ ਪਰਿਵਾਰ ਦੇ ਇਕਲੌਤੇ ਪੁੱਤਰ ਗੁਰਜਿੰਦਰ ਸਿੰਘ, ਜੋ ਕਿ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ, ਰਸਤੇ ਵਿੱਚ ਹੀ ਮੌਤ ਹੋ ਗਈ। 16 ਸਾਲਾ ਨੌਜਵਾਨ, ਜੋ ਕਿ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿੱਚ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋਣ ਜਾ ਰਿਹਾ ਸੀ, ਦੀ ਟਰੈਕਟਰ-ਟਰਾਲੀ ਤੋਂ ਡਿੱਗਣ ਨਾਲ ਮੌਤ ਹੋ ਗਈ। 16 ਸਾਲਾ ਗੁਰਜਿੰਦਰ ਸਿੰਘ ਨੂੰ ਕਿਸੇ ਟਰੈਕਟਰ-ਟਰਾਲੀ ਤੋਂ ਡਿੱਗਣ ਨਾਲ ਅਣਪਛਾਤੇ ਵਾਹਨ ਨੇ ਕੁਚਲ ਦਿੱਤਾ। ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੜ੍ਹਸ਼ੰਕਰ ਨੇੜਲੇ ਪਿੰਡ ਥਾਣੇ ਦਾ ਵਸਨੀਕ ਗੁਰਵਿੰਦਰ ਸਿੰਘ ਕਿਸਾਨ ਮੋਰਚੇ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਜਾ ਰਿਹਾ ਸੀ ਅਤੇ ਪਿੱਛੇ ਡਾਲੇ ‘ਤੇ ਬੈਠਾ ਸੀ। ਅਚਾਨਕ ਨੀਂਦ ਆਉਣ ਕਾਰਨ ਸੜਕ ‘ਤੇ ਡਿੱਗ ਗਿਆ ਤੇ ਮਗਰੋਂ ਆ ਰਿਹਾ ਇੱਕ ਹੋਰ ਟਰੈਕਟਰ ਉੱਪਰੋਂ ਲੰਘ ਗਿਆ। ਗੁਰਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।