‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਵਿਧਾਇਕ ਦਵੇਂਦਰ ਬਬਲੀ ਦੇ ਘਿਰਾਉ ਦੇ ਮਾਮਲੇ ਨੂੰ ਲੈ ਕੇ ਬਿਆਨ ਦਿੰਦਿਆਂ ਕਿਹਾ ਕਿ ਕੁੱਝ ਲੋਕ ਬਾਗੀ ਹੋ ਕੇ MLA ਦੇ ਪਿੰਡ ਗਏ ਸਨ। ਸੰਯੁਕਤ ਕਿਸਾਨ ਮੋਰਚੇ ਦਾ ਅਜਿਹਾ ਕੋਈ ਵੀ ਪ੍ਰੋਗਰਾਮ ਨਹੀਂ ਸੀ। ਉਨ੍ਹਾਂ ਕਿਹਾ ਕਿ ਕੁੱਝ ਲੋਕ ਆਪਣੀ ਰਾਜਨੀਤੀ ਚਮਕਾਉਣ ਲੱਗੇ ਹਨ।
ਕਿਸਾਨ ਜਥੇਬੰਦੀਆਂ ਨੇ 1 ਜੂਨ ਨੂੰ ਹਰਿਆਣਾ ਦੇ ਟੋਹਾਣਾ ਵਿੱਚ ਜੇਜੇਪੀ ਵਿਧਾਇਕ ਦੇਵੇਂਦਰ ਬਬਲੀ ਦੇ ਪ੍ਰੋਗਰਾਮ ਦਾ ਸਖ਼ਤ ਵਿਰੋਧ ਕੀਤਾ ਸੀ। ਬਬਲੀ ਨੇ ਦਾਅਵਾ ਕਰਦਿਆਂ ਕਿਹਾ ਕਿ ਉਹਨਾਂ ਦਾ ਵਿਰੋਧ ਕਰਨ ਵਾਲੇ ਕਿਸਾਨ ਨਹੀਂ ਸਨ ਬਲਕਿ ਗੁੰਡੇ ਬਦਮਾਸ਼ ਸਨ। ਵਿਧਾਇਕ ਨੇ ਕਿਸਾਨਾਂ ਨਾਲ ਬਦਸਲੂਕੀ ਕੀਤੀ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਇਸ ਤੋਂ ਬਾਅਦ ਕਿਸਾਨ ਵਿਰੋਧ ਪ੍ਰਦਰਸ਼ਨ ਕਰਦੇ ਰਹੇ ਤਾਂ ਪੁਲਿਸ ਨੇ ਲਾਠੀਚਾਰਜ ਕੀਤਾ, ਜਿਸ ਦੌਰਾਨ ਕਈ ਕਿਸਾਨਾਂ ਦੇ ਸੱਟਾਂ ਵੀ ਲੱਗੀਆਂ। ਸੰਯੁਕਤ ਕਿਸਾਨ ਮੋਰਚਾ ਨੇ ਪੁਲਿਸ ਦੀ ਇਸ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਕਿਸਾਨਾਂ ਨੇ ਕਿਹਾ ਕਿ ਵਿਧਾਇਕ ਨੇ ਕਿਸਾਨਾਂ ‘ਤੇ ਝੂਠੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਕਿਸਾਨਾਂ ਨੇ ਵਿਧਾਇਕ ਦੀ ਗੱਡੀ ‘ਤੇ ਹਮਲਾ ਕੀਤਾ, ਪਰ ਇਹ ਬਿਲਕੁਲ ਝੂਠਾ ਦੋਸ਼ ਹੈ।