India Khetibadi

ਝੋਨੇ ਦੇ ਸਮਰਥਨ ਮੁੱਲ 143 ਰੁਪਏ ਵਧਿਆ, ਸਾਉਣੀ ਦੀਆਂ ਫ਼ਸਲਾਂ ਲਈ MSP ‘ਚ ਵਾਧੇ ਨੂੰ ਮਨਜ਼ੂਰੀ

Union Cabinet, MSP price increase, kharif crops, agricultural news, ਕੇਂਦਰੀ ਕੈਬਨਿਟ, ਝੋਨੇ ਦਾ ਸਮਰਥਨ ਮੁੱਲ, ਐਮਐਸਪੀ ਵਿੱਚ ਵਾਧਾ,ਮੋਦੀ ਸਰਕਾਰ, ਖੇਤੀਬਾੜੀ ਖ਼ਬਰਾਂ, ਸਾਉਣੀ ਦੀਆਂ ਫ਼ਸਲਾਂ

ਨਵੀਂ ਦਿੱਲੀ : ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਮਾਰਕੀਟਿੰਗ ਸੀਜ਼ਨ 2023-24 ਲਈ ਸਾਉਣੀ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (MSP) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ। ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪੀਯੂਸ਼ ਗੋਇਲ ਨੇ ਮੀਟਿੰਗ ਦੇ ਫੈਸਲਿਆਂ ਬਾਰੇ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ।

ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ 2023-24 ਲਈ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 143 ਰੁਪਏ ਦੇ ਵਾਧੇ ਕਰ ਕੇ 2,183 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਏ ਗਰੇਡ ਝੋਨੇ ਦਾ ਭਾਅ 2203 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ ਸਭ ਤੋਂ ਵੱਧ ਵਧਾ ਕੇ 8,558 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ। ਜਵਾਰ ਦਾ ਘੱਟੋ-ਘੱਟ ਸਮਰਥਨ ਮੁੱਲ 3180 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।

ਕਪਾਹ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ 8.9 ਫੀਸਦੀ ਦਾ ਵਾਧਾ ਹੋਇਆ ਹੈ, ਜਦਕਿ ਸੂਰਜਮੁਖੀ ਅਤੇ ਸੋਇਆਬੀਨ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਵੀ ਵਾਧਾ ਕੀਤਾ ਗਿਆ ਹੈ।

ਮੰਤਰੀ ਮੰਡਲ ਨੇ ਤੂਰ ਦੀ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਤੂਰ ਦਾਲ ਦਾ ਘੱਟੋ-ਘੱਟ ਸਮਰਥਨ ਮੁੱਲ 7000 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸੇ ਤਰ੍ਹਾਂ ਉੜਦ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ 350 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਇਸ ਨੂੰ ਵਧਾ ਕੇ 6950 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।

ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਸੋਇਆਬੀਨ ਦਾ ਘੱਟੋ-ਘੱਟ ਸਮਰਥਨ ਮੁੱਲ 300 ਰੁਪਏ ਵਧਾ ਕੇ 4600 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਤਿਲ ਦਾ ਘੱਟੋ-ਘੱਟ ਸਮਰਥਨ ਮੁੱਲ 800 ਰੁਪਏ ਵਧ ਕੇ 8635 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਮੂੰਗਫਲੀ ਦਾ ਘੱਟੋ-ਘੱਟ ਸਮਰਥਨ ਮੁੱਲ 527 ਰੁਪਏ ਵਧਾ ਕੇ 6377 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਜਦਕਿ ਕਪਾਹ ਦਾ ਘੱਟੋ-ਘੱਟ ਸਮਰਥਨ ਮੁੱਲ 540 ਰੁਪਏ ਵਧ ਕੇ 6620 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਦੂਜੇ ਪਾਸੇ ਸੂਰਜਮੁਖੀ ਦੇ ਬੀਜ ਦਾ ਘੱਟੋ-ਘੱਟ ਸਮਰਥਨ ਮੁੱਲ 360 ਰੁਪਏ ਵਧ ਕੇ 6760 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ।

 

ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੰਨਣਾ ਹੈ ਕਿ ਕੀਮਤਾਂ ਵਿੱਚ ਵਾਧਾ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰੇਗਾ। ਸਰਕਾਰ ਆਪਣੀਆਂ ਏਜੰਸੀਆਂ ਰਾਹੀਂ ਕਿਸਾਨਾਂ ਤੋਂ ਸਮੇਂ-ਸਮੇਂ ‘ਤੇ ਸਮਰਥਨ ਮੁੱਲ ‘ਤੇ ਫਸਲਾਂ ਦੀ ਖਰੀਦ ਕਰਦੀ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਪੀਯੂਸ਼ ਗੋਇਲ ਨੇ ਦੁਹਰਾਇਆ ਕਿ ਖੇਤੀਬਾੜੀ ਸਾਲ 2022-23 ਲਈ ਕੁੱਲ ਅਨਾਜ ਉਤਪਾਦਨ 330.5 ਮਿਲੀਅਨ ਟਨ ਰਹਿਣ ਦਾ ਅਨੁਮਾਨ ਹੈ। 2022-23 ਲਈ ਤੀਜੇ ਅਗਾਊਂ ਅਨੁਮਾਨਾਂ ਅਨੁਸਾਰ, ਦੇਸ਼ ਵਿੱਚ ਕੁੱਲ ਅਨਾਜ ਉਤਪਾਦਨ ਰਿਕਾਰਡ 330.5 ਮਿਲੀਅਨ ਟਨ ਹੋਣ ਦਾ ਅਨੁਮਾਨ ਹੈ, ਜੋ ਕਿ ਪਿਛਲੇ ਸਾਲ 2021-22 ਦੇ ਮੁਕਾਬਲੇ 14.9 ਮਿਲੀਅਨ ਟਨ ਵੱਧ ਹੈ। ਇਹ ਪਿਛਲੇ ਪੰਜ ਸਾਲਾਂ ਵਿੱਚ ਸਭ ਤੋਂ ਵੱਧ ਵਾਧਾ ਹੈ।