‘ਦ ਖ਼ਾਲਸ ਬਿਊਰੋ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ ‘ਤੇ ਆਉਣਗੇ। ਇਸ ਦੌਰਾਨ ਉਨ੍ਹਾਂ ਨਾਲ ਕਈ ਸੂਬਿਆਂ ਦੇ ਮੁੱਖ ਮੰਤਰੀ, ਰਾਜਪਾਲ, ਡੀਜੀਪੀ ਤੇ ਹੋਰ ਅਧਿਕਾਰੀ ਵੀ ਸ਼ਹਿਰ ਵਿਚ ਮੌਜੂਦ ਰਹਿਣਗੇ। ਉਨ੍ਹਾਂ ਵਲੋਂ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕੀਤਾ ਜਾਏਗਾ ਅਤੇ ਤਿੰਨ ਸਰਕਾਰੀ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ।
ਕੇਂਦਰੀ ਗ੍ਰਹਿ ਮੰਤਰੀ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ, ਜੰਮੂ-ਕਸ਼ਮੀਰ ਦੇ ਐਲਜੀ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਇਲਾਵਾ ਇਨ੍ਹਾਂ ਰਾਜਾਂ ਦੇ ਰਾਜਪਾਲਾਂ, ਡੀਜੀਪੀਜ਼ ਅਤੇ ਹੋਰ ਅਧਿਕਾਰੀਆਂ ਨਾਲ ਵੀ ਮੀਟਿੰਗ ਕਰਨਗੇ। ਨਸ਼ਾ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ ਬਾਰੇ ਕਾਨਫਰੰਸ ਨੂੰ ਸੰਬੋਧਨ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਕਾਫੀ ਅਹਿਮ ਹੋਣ ਵਾਲੀ ਹੈ। ਹਾਲ ਹੀ ‘ਚ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਤੋਂ ਬਾਅਦ ਅਮਿਤ ਸ਼ਾਹ ਇਕ ਵਾਰ ਫਿਰ ਇਨ੍ਹਾਂ ਸੂਬਿਆਂ ਨਾਲ ਬੈਠਕ ਕਰ ਰਹੇ ਹਨ। ਇਸ ਵਿਚ ਉੱਤਰ ਭਾਰਤ ਦੇ ਕਈ ਰਾਜਾਂ ਦੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।