ਬਠਿੰਡਾ : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਪੰਜ ਵਾਰ ਰਹੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਭੋਗ ਸ੍ਰੀ ਅਖੰਡ ਪਾਠ ਸਾਹਿਬ ਅਤੇ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਰੱਖੀ ਗਈ ਹੈ।
ਉੱਥੇ ਹੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਸ਼੍ਰੀ ਅਮਿਤ ਸ਼ਾਹ ਦੇ ਨਾਲ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਮੇਤ ਹੋਰ ਆਗੂ ਮੌਜੂਦ ਰਹਿਣਗੇ।
ਉਧਰ, ਅੰਤਿਮ ਅਰਦਾਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਜਿਲ੍ਹਾ ਪ੍ਰਸਾਸ਼ਨ ਨੇ ਚਾਰ ਮਈ ਨੂੰ ਇਸੇ ਰੂਟ ਪਲਾਨ ਮੁਤਾਬਕ ਸੜਕਾਂ ਉੱਪਰ ਆਵਾਜਾਈ ਦੀ ਸਲਾਹ ਦਿੱਤੀ ਹੈ ਤਾਂ ਜੋ ਕੋਈ ਸਮੱਸਿਆ ਨਾ ਆਵੇ।
ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ ਬਾਦਲ ਪਰਿਵਾਰ…
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਰੂਟ ਪਲਾਨ ਮੁਤਾਬਕ ਬਠਿੰਡੇ ਵਾਲੇ ਪਾਸਿਓਂ ਆਉਣ ਵਾਲੇ ਲੋਕਾਂ ਲਈ ਬਾਦਲ ਪਿੰਡ ਤੋਂ ਪਹਿਲਾਂ ਖੱਬੇ ਤੇ ਸੱਜੇ ਹੱਥ ਖਾਲੀ ਖੇਤਾਂ ਵਿੱਚ (60 ਏਕੜ) ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ, ਜਿੱਥੇ ਗੱਡੀਆਂ ਖੜ੍ਹੀਆਂ ਕਰ ਕੇ ਲੋਕ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਪੰਡਾਲ ਵਿੱਚ ਪਹੁੰਚ ਸਕਦੇ ਹਨ।
ਇਸੇ ਤਰ੍ਹਾਂ ਲੰਬੀ, ਖਿਓਵਾਲੀ ਤੇ ਮਹਿਣਾ ਵਾਲੇ ਪਾਸਿਓਂ ਆਉਣ ਵਾਲੇ ਵਾਹਨ ਸਰਕਾਰੀ ਪਸ਼ੂ ਹਸਪਤਾਲ, ਖੇਡ ਸਟੇਡੀਅਮ ਹੁੰਦੇ ਹੋਏ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਦੇ ਪਿਛਲੇ ਪਾਸੇ ਪਹੁੰਚ ਕੇ ਮਿੱਠੜੀ ਰੋਡ ’ਤੇ ਬਣੀ ਪਾਰਕਿੰਗ ਵਿੱਚ ਵਹੀਕਲ ਖੜ੍ਹੇ ਕਰ ਕੇ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਮੁੱਖ ਪੰਡਾਲ ਵਿੱਚ ਪਹੁੰਚ ਸਕਦੇ ਹਨ। ਇਸ ਤੋਂ ਇਲਾਵਾ ਸਿੰਘੇਵਾਲਾ ਤੋਂ ਆਉਣ ਵਾਲੀਆਂ ਗੱਡੀਆਂ ਮਿੱਠੜੀ ਰੋਡ ਪਾਰਕਿੰਗ ਤੱਕ ਪਹੁੰਚ ਸਕਦੀਆਂ ਹਨ।
ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਸ਼ਾਮ ਵੇਲੇ 95 ਸਾਲ ਦੀ ਉਮਰ ਵਿੱਚ 25 ਅਪ੍ਰੈਲ ਨੂੰ ਅੰਤਿਮ ਸਾਹ ਲਏ। ਪਿਛਲੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।