Punjab

ਜਲੰਧਰ ਜ਼ਿਮਨੀ ਚੋਣ ’ਚ ਪੈਸੇ ਵੰਡਣ ’ਤੇ ਹੰਗਾਮਾ! ਭਾਜਪਾ ਵਰਕਰਾਂ ਨੇ ਫੜਿਆ ਬੰਦਾ, 2-2 ਹਜ਼ਾਰ ਵੰਡਣ ਦੀ ਮਿਲੀ ਲਿਸਟ

ਜਲੰਧਰ ਪੱਛਮੀ ਵਿਧਾਨ ਸਭਾ ਸੀਟ ’ਤੇ ਦੁਪਹਿਰ 3 ਵਜੇ ਤੱਕ 42.60 ਫੀਸਦੀ ਵੋਟਿੰਗ ਹੋਈ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਵੋਟਿੰਗ ਦੌਰਾਨ ਭਾਜਪਾ ਵਰਕਰਾਂ ਨੇ ਇੱਕ ਵਿਅਕਤੀ ਨੂੰ ਫੜਿਆ ਹੈ ਜਿਸ ਪਾਸੋਂ ਇੱਕ ਸੂਚੀ ਪ੍ਰਾਪਤ ਹੋਈ ਹੈ। ਸੂਚੀ ਵਿੱਚ ਕੁਝ ਲੋਕਾਂ ਦੇ ਨਾਂ ਲਿਖੇ ਹੋਏ ਹਨ। ਜਿਸ ਵਿੱਚ 2-2 ਹਜ਼ਾਰ ਰੁਪਏ ਦੇਣ ਦੀ ਗੱਲ ਕਹੀ ਗਈ ਹੈ। ਇਸ ਸਬੰਧੀ ਭਾਜਪਾ ਵਰਕਰਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਦੀ ਗ੍ਰਿਫ਼ਤਾਰੀ ਦੀਆਂ ਅਫ਼ਵਾਹਾਂ ਫੈਲ ਗਈਆਂ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਰਾਜਨ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਜਿਸ ਵਿਚ ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਇਸ ਗੱਲ ਤੋਂ ਜਾਣੂ ਹੈ ਅਤੇ ਅਫ਼ਵਾਹ ਫੈਲਾ ਰਹੀ ਹੈ ਕਿ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਭਾਜਪਾ ਉਮੀਦਵਾਰ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰਾ ਕਤਲ ਹੋ ਸਕਦਾ ਹੈ। ਮੇਰੇ ਲੋਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪਰ ਮੈਂ ਡਰਨ ਵਾਲਾ ਨਹੀਂ ਕਿਉਂਕਿ ਪੂਰਾ ਜਲੰਧਰ ਮੇਰੇ ਨਾਲ ਖੜ੍ਹਾ ਹੈ।

ਦੂਜੇ ਪਾਸੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਕਮਿਸ਼ਨਰ ਨੂੰ ਮਿਲਣ ਜਲੰਧਰ ਪੱਛਮੀ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਧਾਂਦਲੀ ਹੁੰਦੀ ਹੈ ਤਾਂ ਉਹ ਪਿੱਛੇ ਨਹੀਂ ਹਟਣਗੇ।

ਇਸ ਸੀਟ ’ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਜਿਸ ਵਿੱਚ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ।

ਇਸ ਸੀਟ ਦੀ ਖ਼ਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ’’ਚ ਭਾਜਪਾ, 2017 ’ਚ ਕਾਂਗਰਸ ਅਤੇ 2022 ’ਚ ‘ਆਪ’ ਨੇ ਸੀਟ ਜਿੱਤੀ ਸੀ।