India Punjab Religion

ਉੱਤਰਾਖੰਡ ਸਰਕਾਰ ਗੁਰਦੁਆਰਾ ਨਾਨਕਮਤਾ ਸਾਹਿਬ ਕਮੇਟੀ ਤੇ ਹੋਰ ਸਿੱਖ ਆਗੂਆਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ: ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਸਰਕਾਰ ਵਲੋਂ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ਦੀ ਆੜ ਹੇਠ ਗੁਰਦੁਆਰਾ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਸਖ਼ਤ ਨੋਟਿਸ ਲਿਆ ਹੈ।

ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬਾਬਾ ਤਰਸੇਮ ਸਿੰਘ ਕਤਲ ਮਾਮਲੇ ਦੇ ਬਹਾਨੇ ਉਤਰਾਖੰਡ ਪੁਲਿਸ ਸਿੱਖ ਆਗੂਆਂ ਖ਼ਿਲਾਫ਼ ਨਜਾਇਜ਼ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਡਰਾ-ਧਮਕਾ ਕੇ ਉੱਥੋਂ ਦੇ ਗੁਰਧਾਮਾਂ ‘ਤੇ ਕਾਬਜ਼ ਹੋਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਸਖ਼ਤ ਲਫ਼ਜ਼ਾਂ ਵਿਚ ਆਖਿਆ ਕਿ ਗੁਰਦੁਆਰਾ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਿੱਖ ਆਗੂਆਂ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਰਾ ਸਿੱਖ ਜਗਤ ਖੜ੍ਹਾ ਹੈ ਅਤੇ ਉਤਰਾਖੰਡ ਸਰਕਾਰ ਆਪਣੀਆਂ ਹਰਕਤਾਂ ਤੋਂ ਤੁਰੰਤ ਬਾਜ਼ ਆਵੇ ਨਹੀਂ ਤਾਂ ਇਸ ਤਰ੍ਹਾਂ ਸਿੱਖ ਆਗੂਆਂ ਨੂੰ ਝੂਠੇ ਪੁਲਿਸ ਮੁਕੱਦਮੇ ਵਿਚ ਫਸਾਉਣ ਦੇ ਨਤੀਜੇ ਚੰਗੇ ਨਹੀਂ ਹੋਣਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ਵਿਚ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਮਾਮਲੇ ਵਿਚ ਗੁਰਦੁਆਰਾ ਕਮੇਟੀ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਰੋਕਣ ਅਤੇ ਸਿੱਖ ਭਾਵਨਾਵਾਂ ਨੂੰ ਸਮਝਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਤਰਸੇਮ ਸਿੰਘ ਦਾ ਕਤਲ ਬੇਸ਼ੱਕ ਦੁੱਖਦਾਈ ਹੈ ਪ੍ਰੰਤੂ ਇਸ ਮਾਮਲੇ ਵਿਚ ਚੁਣੀ ਹੋਈ ਕਮੇਟੀ ਦੇ ਪ੍ਰਧਾਨ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਨਿਸ਼ਾਨੇ ’ਤੇ ਲੈਣਾ ਠੀਕ ਨਹੀਂ ਹੈ। ਉਨ੍ਹਾ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇਤਿਹਾਸਿਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਪ੍ਰੇਸ਼ਾਨ ਕਰਨ ਵਾਲੀਆਂ ਪੁਲਿਸ ਪ੍ਰਸ਼ਾਸਨ ਦੀਆਂ ਹਰਕਤਾਂ ਤੇ ਰੋਕ ਲਗਾਉਣ ਲਈ ਆਖਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬਹੁ ਗਿਣਤੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਨੂੰ ਸਾਂਝੇ ਤੌਰ ‘ਤੇ ਪੱਤਰ ਲਿਖ ਕੇ ਇਹ ਖਦਸ਼ਾ ਪ੍ਰਗਟਾਇਆ ਹੈ ਕਿ ਸਰਕਾਰ ਬਾਬਾ ਤਰਸੇਮ ਸਿੰਘ ਕਤਲ ਮਾਮਲੇ ਦੀ ਆੜ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਅਪਣੇ ਹੱਥਾਂ ਵਿਚ ਲੈਣ ਲਈ ਕੋਸ਼ਿਸ਼ਾਂ ਕਰ ਰਹੀ ਹੈ। ਜੇਕਰ ਅਜਿਹਾ ਹੈ ਤਾਂ ਸਿੱਖ ਕੌਮ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਚੁਣੀ ਹੋਈ ਪ੍ਰਬੰਧਕ ਕਮੇਟੀ ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨ ਹੈ, ਜਿਸ ਵਿਚ ਸਰਕਾਰੀ ਦਖਲਅੰਦਾਜ਼ੀ ਤੁਰੰਤ ਰੋਕੀ ਜਾਵੇ।  ਬਾਬਾ ਤਰਸੇਮ ਸਿੰਘ ਕਤਲ ਵਿਚ ਕਿਸੇ ਵੀ ਬੇਗੁਨਾਹ ਤੇ ਬੇਕਸੂਰ ਨੂੰ ਤੰਗ ਪਰੇਸ਼ਾਨ ਨਾ ਕੀਤਾ ਜਾਵੇ।

ਧਾਮੀ ਨੇ ਕਿਹਾ ਕਿ ਸੰਵਿਧਾਨਿਕ ਤੌਰ ‘ਤੇ ਉੱਤਰਾਖੰਡ ਸੂਬੇ ਦੇ ਮੁਖੀ ਹੁੰਦਿਆਂ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਿੱਖ ਮਸਲਿਆਂ ਦੀ ਸੰਜੀਦਗੀ ਨੂੰ ਸਮਝਣ ਅਤੇ ਤੁਰੰਤ ਆਦੇਸ਼ ਕਰਨ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਕਿਸੇ ਵੀ ਆਗੂ ਨੂੰ ਬੇਲੋੜਾ ਪਰੇਸ਼ਾਨ ਨਾ ਕੀਤਾ ਜਾਵੇ।