India Punjab

ਸ਼ਹੀਦ ਕਿਸਾਨਾਂ ਨੂੰ ਮਿਲੇ 1-1 ਕਰੋੜ ਮੁਆਵਜ਼ਾ

‘ਦ ਖ਼ਾਲਸ ਟੀਵੀ ਬਿਊਰੋ:- ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਐੱਮਐੱਸਪੀ ਦੇ ਮੁੱਦੇ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਲਈ 1-1 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਨ ਦੀ ਅਪੀਲ ਕੀਤੀ ਹੈ। ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਸਰਕਾਰ ਦਾ ਕਹਿਣਾ ਹੈ ਕਿ ਆਉਣ ਵਾਲੇ ਸੰਸਦੀ ਸੈਸ਼ਨ ਵਿੱਚ ਕਾਨੂੰਨ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਕਿਸਾਨਾਂ ਤੋਂ ਇਲਾਵਾ ਕਈ ਨੇਤਾਵਾਂ ਨੇ ਵੀ ਸਰਕਾਰ ਤੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ।

ਜਾਣਕਾਰੀ ਮੁਤਾਬਿਕ ਵਰੁਣ ਗਾਂਧੀ ਨੇ ਸ਼ਨੀਵਾਰ ਨੂੰ ਇੱਕ ਪੱਤਰ ਰਾਹੀਂ ਖੇਤੀਬਾੜੀ ਕਾਨੂੰਨ ਨੂੰ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਲਈ ਕਿਹਾ ਹੈ। ਉਨ੍ਹਾਂ ਲਿਖਿਆ, ‘ਇਨ੍ਹਾਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ ਲਈ ਮੈਂ ਵੱਡੇ ਦਿਲ ਨਾਲ ਤੁਹਾਡਾ ਧੰਨਵਾਦ ਕਰਦਾ ਹਾਂ। ਉਨ੍ਹਾਂ ਨੇ ‘ਤੇ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ।

ਵਰੁਣ ਨੇ ਲਿਖਿਆ ਕਿ ਇਸ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਅਤੇ ਇਹ ਫੈਸਲਾ ਪਹਿਲਾਂ ਹੀ ਲਿਆ ਜਾਣਾ ਚਾਹੀਦਾ ਸੀ। ਉਨ੍ਹਾਂ ਲਿਖਿਆ, ‘ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਡੇ ਕਿਸਾਨ ਭਰਾਵਾਂ-ਭੈਣਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ 1-1 ਕਰੋੜ ਮੁਆਵਜ਼ੇ ਦਾ ਐਲਾਨ ਕਰੋ, ਨਾਲ ਹੀ ‘ਝੂਠੀ’ ਐਫਆਈਆਰ ਨੂੰ ਖਾਰਜ ਕਰਨ ਦੀ ਮੰਗ ਵੀ ਕੀਤੀ ਗਈ ਹੈ। ਬੀਜੇਪੀ ਸਾਂਸਦ ਨੇ ਪੀਐਮ ਮੋਦੀ ਨੂੰ ਲਿਖੇ ਪੱਤਰ ਵਿੱਚ ਲਖੀਮਪੁਰ ਖੀਰੀ ਮਾਮਲੇ ਵਿੱਚ ਨਾਮਜ਼ਦ ਆਸ਼ੀਸ਼ ਮਿਸ਼ਰਾ ਦੇ ਪਿਤਾ ਅਜੈ ਮਿਸ਼ਰਾ ਅਤੇ ਕੇਂਦਰੀ ਰਾਜ ਮੰਤਰੀ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।