Punjab

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

Vigilance Bureau caught bribe-taking ASI red-handed

‘ਦ ਖ਼ਾਲਸ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਪਠਾਨਕੋਟ ਵਿਖੇ ਤਾਇਨਾਤ ਮੁਲਜ਼ਮ ਏ.ਐਸ.ਆਈ. ਸੁਰਿੰਦਰ ਸਿੰਘ ਨੂੰ ਮਹਾਂਬੀਰ ਸਿੰਘ ਵਾਸੀ ਪਿੰਡ ਸਮਰਾਲਾ, ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੀ ਪਤਨੀ ਤੇ ਪੁੱਤਰ ਦੀਆਂ ਡਾਕਟਰੀ ਰਿਪੋਰਟਾਂ ਦੇ ਅਧਾਰ ਤੇ ਪੁਲਿਸ ਕੇਸ ਦਰਜ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਇਸ ਤੋਂ ਪਹਿਲਾਂ ਵਿਜੀਲੈਂਸ ਬਿਉਰੋ ਵੱਲੋਂ  ਬੰਗਾ, ਐਸ.ਬੀ.ਐਸ. ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 52,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਸੀ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕੀਤੀ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।