Punjab

ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮੁੜ ਕੀਤਾ ਤਲਬ

Vigilance summoned former Chief Minister Channi again

ਮੁਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ( CHARANJEET SINGH CHANNI ) ਨੂੰ ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਮੁੜ ਤਲਬ ਕੀਤਾ ਹੈ। ਉਨ੍ਹਾਂ ਨੂੰ ਅੱਜ ਤਫਤੀਸ਼ ’ਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।

ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬਿਊਰੋ ਦੀ ਰੋਪੜ ਇਕਾਈ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਸਾਬਕਾ ਮੁੱਖ ਮੰਤਰੀ ਖਿਲਾਫ਼ ਭ੍ਰਿਸ਼ਟਾਚਾਰ ਅਤੇ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲਿਆਂ ਦੀ ਜਾਂਚ ਸ਼ੁਰੂ ਕੀਤੀ ਗਈ ਸੀ।

ਆਮਦਨ ਨਾਲੋਂ ਵੱਧ ਜਾਇਦਾਦ ਦੇ ਮਾਮਲੇ ‘ਚ ਚੰਨੀ ਨੂੰ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਹੈ। ਪਹਿਲਾਂ ਵਿਜੀਲੈਂਸ ਵੱਲੋਂ ਚੰਨੀ ਨੂੰ 12 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਜਿਸ ‘ਤੇ ਚੰਨੀ ਨੇ ਅਸਮਰੱਥਾ ਜ਼ਾਹਿਰ ਕੀਤੀ ਸੀ, ਫਿਰ ਵਿਜੀਲੈਂਸ ਵੱਲੋਂ 20 ਅਪ੍ਰੈਲ ਲਈ ਤਲਬ ਕੀਤਾ ਗਿਆ ਸੀ ਅਤੇ ਹੁਣ ਵਿਜੀਲੈਂਸ ਵੱਲੋਂ ਚੰਨੀ ਨੂੰ ਅੱਜ ਤਲਬ ਕੀਤਾ ਗਿਆ ਹੈ।

ਇਸ ਜਾਂਚ ਦੌਰਾਨ ਵਿਜੀਲੈਂਸ ਨੇ ਮੁੱਢਲੇ ਤੌਰ ’ਤੇ ਜੋ ਤੱਥ ਇਕੱਤਰ ਕੀਤੇ ਹਨ,ਉਨ੍ਹਾਂ ਦੀ ਪੁਸ਼ਟੀ ਅਤੇ ਹੋਰ ਦਸਤਾਵੇਜ਼ ਹਾਸਲ ਕਰਨ ਲਈ ਸਾਬਕਾ ਮੁੱਖ ਮੰਤਰੀ ਨੂੰ ਤਲਬ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਚੰਨੀ ਤੋਂ ਵਿਜੀਲੈਂਸ ਦੇ ਮੁੱਖ ਦਫ਼ਤਰ ’ਚ ਪੁੱਛ ਪੜਤਾਲ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਚੰਨੀ ਖਿਲਾਫ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਬਿਊਰੋ ਵੱਲੋਂ ਲਗਾਤਾਰ ਪੰਜਾਬ ਦੇ ਸਾਬਕਾ ਮੰਤਰੀਆਂ, ਮੁੱਖ ਮੰਤਰੀ ਤੇ ਅਧਿਕਾਰੀਆਂ ਦੇ ਖ਼ਿਲਾਫ਼ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਗਈ। ਇਸੇ ਤਹਿਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਵਿਜੀਲੈਂਸ ਦਫ਼ਤਰ ਮੁਹਾਲੀ ਵਿਖੇ ਬੁਲਾਇਆ ਗਿਆ ਹੈ ।

ਜਿਥੇ ਉਨ੍ਹਾਂ ਨੂੰ ਵੀ ਇਸ ਗੱਲ ਨੂੰ ਲੈ ਕੇ ਪੁੱਛਗਿੱਛ ਕੀਤੀ ਜਾਣੀ ਹੈ ਕਿ ਆਮਦਨ ਦੇ ਨਾਲੋਂ ਜਿਆਦਾ ਜਾਇਦਾਦ ਉਨ੍ਹਾਂ ਨੇ ਕਿਵੇਂ ਬਣਾਈ ਹੈ। ਪੰਜਾਬ ਦੇ ਕਈ ਸਾਬਕਾ ਮੰਤਰੀ ਵਿਜੀਲੈਂਸ ਦੇ ਪੁੱਛਗਿਛ ਤੋਂ ਬਾਅਦ ਜੇਲ੍ਹ ਵੀ ਚੁੱਕੇ ਹਨ।

ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਤੁਰੰਤ ਬਾਅਦ ਅਮਰੀਕਾ ਚਲੇ ਗਏ ਸਨ। ਜਿਥੇ ਉਹਨਾਂ ਨੇ 8 ਮਹੀਨਿਆਂ ਤੋਂ ਵੱਧ ਦਾ ਸਮਾਂ ਬਿਤਾਇਆ ਹੈ। ਉਹਨਾਂ ਦਾ ਕਹਿਣਾ ਸੀ ਕਿ ਉਹ ਆਪਣੀ ਪੀਐਚਡੀ ਨੂੰ ਪੂਰਾ ਕਰਨ ਉਥੇ ਗਏ ਸਨ।

ਪਿਛਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਈਡੀ ਨੇ 10 ਕਰੋੜ ਰੁਪਏ ਨਾਲ ਗ੍ਰਿਫ਼ਤਾਰ ਕੀਤਾ ਸੀ। ਈਡੀ ਇਸ ਗੱਲ ਦੀ ਜਾਂਚ ਕਰ ਰਿਹਾ ਸੀ ਕਿ ਕੀ ਹਨੀ ਨੂੰ ਮਾਈਨਿੰਗ ਠੇਕੇਦਾਰਾਂ ਦੀ ਮਦਦ ਕਰਨ ਅਤੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਲਈ ਪੈਸੇ ਮਿਲੇ ਸਨ।