Punjab

ਝਗੜਾ ਸੁਲਝਾਉਣ ਗਏ SI ਦਾ ਪਿੰਡ ਦੇ ਸਰਪੰਚ ਨੇ ਗੋਲੀਆਂ ਮਾਰ ਕੇ ਕੀਤਾ ਕਤਲ

ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਨ ਵਿੱਚ ਝਗੜਾ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਸਬ ਇੰਸਪੈਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਦਕਿ ਇੱਕ ਪੁਲਿਸ ਅਫ਼ਸਰ ਦੀ ਬਾਂਹ ਟੁੱਟ ਗਈ ਹੈ। ਮ੍ਰਿਤਕ ਦੀ ਪਛਾਣ ਸਬ ਇੰਸਪੈਕਟਰ ਚਰਨਜੀਤ ਸਿੰਘ ਵਜੋਂ ਹੋਈ ਹੈ ਜਦੋਂ ਕਿ ਜ਼ਖਮੀ ਪੁਲਿਸ ਮੁਲਾਜ਼ਮ ਜਸਬੀਰ ਸਿੰਘ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਕਰਮਚਾਰੀ ਇੱਥੇ ਗੋਇੰਦਵਾਲ ਸਬ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਨ।

ਸਰਪੰਚ ਤੇ ਦੂਜੀ ਧਿਰ ਦਾ ਪਿਛਲੇ ਕਈ ਦਿਨਾਂ ਤੋਂ ਵਿਵਾਦ ਚਲ ਰਿਹਾ ਸੀ ਜਿਸ ਸਬੰਧੀ ਸ਼ਿਕਾਇਤ ਮਿਲਣ ‘ਤੇ ਐਸਆਈ ਚਰਨਜੀਤ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਪਿੰਡ ਪਹੁਚੇ ਜਿਥੇ ਸਰਪੰਚ ਨੇ ਉਨ੍ਹਾਂ ‘ਤੇ ਹੀ ਗੋਲ਼ੀਆਂ ਚਲਾ ਦਿੱਤੀਆਂ।

ਪੁਲਿਸ ਪਾਰਟੀ ਵੱਲੋਂ ਹਮਲਾਵਰਾਂ ਨੂੰ ਜਦੋਂ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕੁਝ ਪੁਲਿਸ ਮੁਲਾਜ਼ਮਾਂ ਉੱਪਰ ਵੀ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਉਹ ਜ਼ਖ਼ਮੀ ਹੋ ਗਏ। ਗੰਭੀਰ ਰੂਪ ਵਿਚ ਜ਼ਖ਼ਮੀ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਜਦੋਂ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਦੇਰ ਰਾਤ ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਹਰਮਨ ਬੀਰ ਸਿੰਘ ਗਿੱਲ ਸਮੇਤ ਐੱਸ.ਐੱਸ.ਪੀ. ਅਭਿਮਨਿਊ ਰਾਣਾ, ਡੀ. ਐੱਸ. ਪੀ. ਅਤੁਲ ਸੋਨੀ ਮੌਕੇ ‘ਤੇ ਪੁੱਜੇ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।