The Khalas Tv Blog Punjab ਨਾਮਜ਼ਦਗੀਆਂ ਰੱਦ ਕਰਨ ਨੂੰ ਲੈ ਕੇ ਮੁਹਾਲੀ ’ਚ ਲੋਕਾਂ ਵੱਲੋਂ ਹਾਈਵੇਅ ਬੰਦ! ਲੱਗਾ ਲੰਬਾ ਟਰੈਫਿਕ ਜਾਮ
Punjab

ਨਾਮਜ਼ਦਗੀਆਂ ਰੱਦ ਕਰਨ ਨੂੰ ਲੈ ਕੇ ਮੁਹਾਲੀ ’ਚ ਲੋਕਾਂ ਵੱਲੋਂ ਹਾਈਵੇਅ ਬੰਦ! ਲੱਗਾ ਲੰਬਾ ਟਰੈਫਿਕ ਜਾਮ

ਬਿਉਰੋ ਰਿਪੋਰਟ: ਮੁਹਾਲੀ ਦੇ ਪਿੰਡ ਚੱਪੜਚਿੜੀ ਖੁਰਦ ਦੇ ਪਿੰਡ ਵਾਸੀਆਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕਥਿਤ ਪੱਖਪਾਤ ਦੇ ਖ਼ਿਲਾਫ਼ ਲਾਂਡਰਾ-ਖਰੜ ਹਾਈਵੇਅ ’ਤੇ ਜਾਮ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਪਿੰਡ ਵਾਸੀਆਂ ਦਾ ਇਲਜ਼ਾਮ ਹੈ ਕਿ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਬੇਲੋੜਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੇ ਉਮੀਦਵਾਰਾਂ ਦੀ ਉਮੀਦਵਾਰੀ ਪ੍ਰਭਾਵਿਤ ਹੋ ਰਹੀ ਹੈ।

ਪਿੰਡ ਵਾਸੀਆਂ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਦੌਰਾਨ ਉਨ੍ਹਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ, ਜਦਕਿ ਕੁਝ ਖ਼ਾਸ ਉਮੀਦਵਾਰਾਂ ਨੂੰ ਬਿਨਾਂ ਕਿਸੇ ਅੜਚਣ ਤੋਂ ਮਨਜ਼ੂਰੀ ਮਿਲ ਰਹੀ ਹੈ। ਪਿੰਡ ਵਾਸੀਆਂ ਨੇ ਇਸ ਸਥਿਤੀ ਨੂੰ ਲੋਕਤੰਤਰ ਨਾਲ ਖੇਡਣ ਵਾਲਾ ਕਰਾਰ ਦਿੰਦਿਆਂ ਪ੍ਰਸ਼ਾਸਨ ’ਤੇ ਪੱਖਪਾਤੀ ਹੋਣ ਦਾ ਗੰਭੀਰ ਇਲਜ਼ਾਮ ਲਾਇਆ।

ਧਰਨੇ ਵਿੱਚ ਸ਼ਾਮਲ ਇੱਕ ਵਸਨੀਕ ਨੇ ਦੱਸਿਆ ਕਿ ਅਸੀਂ ਕਈ ਵਾਰ ਪ੍ਰਸ਼ਾਸਨ ਨੂੰ ਆਪਣੀਆਂ ਸਮੱਸਿਆਵਾਂ ਪੇਸ਼ ਕਰ ਚੁੱਕੇ ਹਾਂ ਪਰ ਸਾਡੀ ਕੋਈ ਸੁਣਵਾਈ ਨਹੀਂ ਹੋਈ। ਸਾਨੂੰ ਬਿਨਾਂ ਕਿਸੇ ਕਾਰਨ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਕਾਗਜ਼ਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਸਾਨੂੰ ਚੋਣ ਲੜਨ ਦਾ ਅਧਿਕਾਰ ਦਿੱਤਾ ਜਾਵੇ।

ਹਾਈਵੇਅ ’ਤੇ ਲੱਗਾ ਲੰਮਾ ਜਾਮ

ਪਿੰਡ ਵਾਸੀਆਂ ਦੇ ਇਸ ਪ੍ਰਦਰਸ਼ਨ ਕਾਰਨ ਲਾਂਡਰਾ-ਖਰੜ ਮੁੱਖ ਮਾਰਗ ’ਤੇ ਕਈ ਘੰਟੇ ਆਵਾਜਾਈ ਠੱਪ ਹੋ ਗਈ। ਸੜਕਾਂ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਮੁਸਾਫ਼ਿਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀ ਆਪਣੀਆਂ ਮੰਗਾਂ ’ਤੇ ਅੜੇ ਰਹੇ।

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਹੀ ਪਿੰਡ ਵਾਸੀ ਜਾਮ ਹਟਾਉਣ ਲਈ ਰਾਜ਼ੀ ਹੋ ਗਏ | ਉੱਧਰ, ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨਗੇ।

ਪ੍ਰਸ਼ਾਸਨ ਦਾ ਪੱਖ

ਦੂਜੇ ਪਾਸੇ ਇਸ ਘਟਨਾ ’ਤੇ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਨਿਯਮਾਂ ਅਨੁਸਾਰ ਸਾਰੇ ਉਮੀਦਵਾਰਾਂ ਦੇ ਦਸਤਾਵੇਜ਼ ਚੈੱਕ ਕੀਤੇ ਗਏ ਹਨ ਅਤੇ ਕਿਸੇ ਨਾਲ ਕੋਈ ਭੇਦਭਾਵ ਨਹੀਂ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਉਮੀਦਵਾਰ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ।

Exit mobile version