Punjab

ਸੂਬੇ ‘ਚ ਸਖਤੀ ਵਧਾਉਣ ਤੋਂ ਬਾਅਦ ਕੈਪਟਨ ਵੀ ਹੋਏ ਸਖਤ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਸਖਤ ਪਾਬੰਦੀਆਂ ਲਗਾਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਕਿਸਾਨਾਂ ਵੱਲੋਂ ਪੰਜਾਬ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਦੇ ਖਿਲਾਫ ਕੀਤੇ ਗਏ ਪ੍ਰਦਰਸ਼ਨ ‘ਤੇ ਨਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਕਰੋਨਾ ਦਾ ਫੈਲਾਅ ਰੋਕਣ ਲਈ ਲਾਈਆਂ ਪਾਬੰਦੀਆਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਕੈਪਟਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੂਬਾ ਸਰਕਾਰ ਖੁਦ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕਰਦੀ ਹੈ। ਕੈਪਟਨ ਨੇ ਕਿਹਾ ਕਿ, ‘ਜ਼ਿੰਦਗੀਆਂ ਦਾਅ ਉੱਤੇ ਲੱਗੀਆਂ ਹੋਈਆਂ ਹਨ, ਜਿਨ੍ਹਾਂ ਨੂੰ ਬਚਾਉਣਾ ਸਾਡੀ ਤਰਜੀਹ ਹੈ ਅਤੇ ਇਹ ਹਰੇਕ ਪੰਜਾਬੀ ਦੀ ਵੀ ਜ਼ਿੰਮੇਵਾਰੀ ਬਣਦੀ ਹੈ।’

ਕੈਪਟਨ ਨੇ ਕਿਹਾ ਕਿ ਦੋ ਜਥੇਬੰਦੀਆਂ ਦੇ ਲੀਡਰਾਂ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਉਨ੍ਹਾਂ ਦੇ ਇਰਾਦਿਆਂ ਬਾਰੇ ਸ਼ੰਕੇ ਪੈਦਾ ਕਰਨ ਲਈ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਹੈ। ਕੈਪਟਨ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਲੀਡਰਾਂ ਨੂੰ ਇਸ ਮੁੱਦੇ ਉੱਤੇ ਬੀਤੇ ਦਿਨ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਨੂੰ ਹੋਰ ਰੰਗਤ ਨਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਲੋਕਾਂ ਦੀਆਂ ਜਾਨਾਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਕੈਪਟਨ ਨੇ ਇਨ੍ਹਾਂ ਜਥੇਬੰਦੀਆਂ ਨੂੰ ਸਵਾਲ ਪੁੱਛਦਿਆਂ ਕਿਹਾ ਕਿ, ‘ਸਾਡੀ ਸਰਕਾਰ ਕਿਸਾਨਾਂ ਦੇ ਹਿੱਤਾਂ ਖ਼ਿਲਾਫ਼ ਕਿਵੇਂ ਜਾ ਸਕਦੀ ਹੈ ਜਦਕਿ ਮੇਰੀ ਸਰਕਾਰ ਦੇਸ਼ ਵਿੱਚ ਪਹਿਲੀ ਸੀ, ਜਿਸ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਧਾਨ ਸਭਾ ਵਿੱਚ ਸੋਧ ਬਿੱਲ ਲਿਆਂਦੇ। ਇਹ ਰਾਜਨੀਤੀ ਕਰਨ ਦਾ ਵੇਲਾ ਨਹੀਂ ਹੈ ਬਲਕਿ ਹਰੇਕ ਵਿਅਕਤੀ ਦੀ ਜਾਨ ਬਚਾਉਣ ਲਈ ਸਾਨੂੰ ਸਾਰੀਆਂ ਸ਼ਕਤੀਆਂ ਜੋੜਨ ਦੀ ਲੋੜ ਹੈ।’

ਕੈਪਟਨ ਨੇ ਕੋਵਿਡ ਸੰਕਟ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਸੂਬਾ ਸਰਕਾਰ ਨੂੰ ਸਮਰਥਨ ਅਤੇ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਜ਼ਿੰਦਗੀਆਂ ਅਤੇ ਉਨ੍ਹਾਂ ਦੀ ਸੁਰੱਖਿਆ ਸੂਬਾ ਸਰਕਾਰ ਦੀ ਵੱਡੀ ਪਹਿਲ ਹੈ।