ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਗੇ ਪੇਸ਼ ਹੋਣ ਲਈ ਪਹੁੰਚੇ ਹਨ। ਉਨ੍ਹਾਂ ਨੇ ਜਥੇਦਾਰ ਸਾਹਿਬ ’ਤੇ BJP ਤੇ RSS ਦੇ ਦਬਾਅ ਹੇਠ ਕੰਮ ਕਰਨ ਦਾ ਇਲਜ਼ਾਮ ਲਾਇਆ ਸੀ ਕਿਉਂਕਿ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੇ ਮਸਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਫੈਸਲਾ ਲੈਣ ਵਿੱਚ ਹੋ ਰਹੀ ਦੇਰੀ ਤੋਂ ਨਰਾਜ਼ ਸਨ।
ਇਸ ਮਾਮਲੇ ਦਾ ਨੋਟਿਸ ਲੈਂਦਿਆਂ ਬੀਤੇ ਦਿਨੀਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਬਾਰੇ ਜਨਤਕ ਰੂਪ ਵਿਚ BJP/RSS ਵਲੋਂ ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਇਲਜ਼ਾਮਾਂ ਸਬੰਧੀ ਸਬੂਤ ਲੈ ਕੇ ਮਿਤੀ 15/10/24 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਸੀ।
ਜਥੇਦਾਰ ਸਾਹਿਬ ਨੇ ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿੱਚ ਇਹ ਵੀ ਆਖਿਆ ਸੀ ਕਿ ਜੇ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਉਹ ਜਥੇਦਾਰ ਸਾਹਿਬ ’ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।