‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਸਾਖੀ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਕੇਂਦਰ ਸਰਕਾਰ ਨੂੰ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਭੇਜੀ ਗਈ ਲਿਸਟ ਵਿੱਚੋਂ 356 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 793 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਗਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 356 ਨਾਮ ਕੱਟ ਕੇ ਕੇਵਲ 437 ਸ਼ਾਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਇਸ ਲਈ ਕੇਂਦਰ ਅਤੇ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਵੱਧ ਤੋਂ ਵੱਧ ਨਾਮਾਂ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ‘ਚ ਸ਼ਰਧਾਲੂਆਂ ਦੇ ਨਾਮ ਕੱਟੇ ਗਏ ਹਨ, ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਜਾਣ ਵਾਲਾ ਜਥਾ 12 ਅਪ੍ਰੈਲ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ-ਦੀਦਾਰੇ ਕਰਨ ਉਪਰੰਤ 22 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ।