India

ਦਿੱਲੀ ਐੱਮ ਸੀ ਡੀ ਚੋਣਾਂ ਲਈ ਵੋਟਿੰਗ ਸ਼ੁਰੂ , 1,349 ਉਮੀਦਵਾਰ ਮੈਦਾਨ ‘ਚ

Delhi MCD Voting

ਨਵੀਂ ਦਿੱਲੀ :  ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਦੇ 250 ਵਾਰਡਾਂ ਲਈ ਵੋਟਿੰਗ ਹੋ ਰਹੀ ਹੈ, ਜਿਸ ‘ਚ 1.45 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਕੁੱਲ 1,349 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 5:30 ਵਜੇ ਤੱਕ ਜਾਰੀ ਰਹੇਗੀ। ਵੋਟਾਂ ਦੀ ਗਿਣਤੀ 7 ਦਸੰਬਰ ਨੂੰ ਹੋਵੇਗੀ।

ਆਮ ਆਦਮੀ ਪਾਰਟੀ (ਆਪ), ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਵਿਚਾਲੇ ਤਿਕੋਣਾ ਮੁਕਾਬਲਾ ਹੈ। ਰਾਜ ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ, ਦਿੱਲੀ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1,45,05,358 ਹੈ, ਜਿਨ੍ਹਾਂ ਵਿੱਚੋਂ 78,93,418 ਪੁਰਸ਼, 66,10,879 ਔਰਤਾਂ ਅਤੇ 1,061 ਟਰਾਂਸਜੈਂਡਰ ਹਨ। ਹੱਦਬੰਦੀ ਤੋਂ ਬਾਅਦ, ਉੱਤਰੀ, ਦੱਖਣੀ ਅਤੇ ਪੂਰਬੀ ਦਿੱਲੀ ਨਗਰ ਨਿਗਮਾਂ ਦੇ ਏਕੀਕਰਣ ਦੁਆਰਾ ਇਸ ਸਾਲ ਦੇ ਸ਼ੁਰੂ ਵਿੱਚ ਦਿੱਲੀ ਨਗਰ ਨਿਗਮ ਦਾ ਗਠਨ ਕੀਤਾ ਗਿਆ ਸੀ। ਉਸ ਤੋਂ ਬਾਅਦ ਇਹ ਪਹਿਲੀ ਚੋਣ ਹੈ।

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐੱਮਸੀਡੀ ਦੀਆਂ ਚੋਣਾਂ ਨੂੰ ਲੈ ਕੇ ਟਵੀਟ ਕੀਤਾ ਹੈ ਕਿ ਦਿੱਲੀ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਅੱਜ ਵੋਟਿੰਗ ਹੋ ਰਹੀ ਹੈ, ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਮੁਕਤ ਸਰਕਾਰ ਬਣਾਉਣ ਲਈ ਵੋਟਿੰਗ ਹੋ ਰਹੀ ਹੈ। ਸਾਰੇ ਦਿੱਲੀ ਵਾਸੀਆਂ ਨੂੰ ਮੇਰੀ ਅਪੀਲ – ਦਿੱਲੀ ਨਗਰ ਨਿਗਮ ਵਿੱਚ ਇੱਕ ਇਮਾਨਦਾਰ ਅਤੇ ਕੰਮ ਕਰਨ ਵਾਲੀ ਸਰਕਾਰ ਬਣਾਉਣ ਲਈ ਅੱਜ ਹੀ ਆਪਣੀ ਵੋਟ ਪਾਉਣ ਲਈ ਜਰੂਰ ਜਾਓ।