ਮੁਹਾਲੀ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਚਾਨਕ ਸਿਹਤ ਖਰਾਬ ਹੋਣ ਕਰਕੇ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਥੇਬੰਦੀ ਦੇ ਆਗੂ ਪਪਲਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਰ ਰਾਤ ਸ਼੍ਰੀ ਮੁਕਤਸਰ ਸਾਹਿਬ ਵਿਖੇ ਅੰਮ੍ਰਿਤਪਾਲ ਸਿੰਘ ਨੇ ਕੁਝ ਅਸਹਿਜ ਮਹਿਸੂਸ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਡਾਕਟਰੀ ਜਾਂਚ ਤੋਂ ਬਾਅਦ ਉਨ੍ਹਾਂ ਦੀ ਸਿਹਤ ਹੁਣ ਠੀਕ ਦੱਸੀ ਜਾ ਰਹੀ ਹੈ। ਡਾਕਟਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰਾ ਆਉਣ ਦੀ ਸ਼ਿਕਾਇਤ ਸੀ, ਪਰ ਫਿਲਹਾਲ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੈ।
ਦਰਅਸਲ, ਅੰਮ੍ਰਿਤਪਾਲ ਸਿੰਘ ਨੇ ਅੱਜ ਚੰਡੀਗੜ੍ਹ-ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਇਨਸਾਫ਼ ਸਮੇਤ ਹੋਰ ਕਈ ਸਿੱਖ ਮੁੱਦਿਆਂ ਦੇ ਹੱਲ ਲਈ ਲੱਗੇ ਮੋਰਚੇ ਵਿੱਚ ਸ਼ਾਮਿਲ ਹੋਣ ਲਈ ਆਉਣਾ ਸੀ, ਜੋ ਕਿ ਹੁਣ ਮੁਲਤਵੀ ਹੋ ਗਿਆ ਹੈ।
ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਇੰਸਟਾਗ੍ਰਾਮ ਅਕਾਊਂਟ ਬੈਨ ਕੀਤਾ ਗਿਆ ਸੀ ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਵੀ ਬੰਦ ਕੀਤਾ ਜਾ ਚੁੱਕਿਆ ਹੈ। ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ‘ਵਾਰਿਸ ਪੰਜਾਬ ਦੇ’ ਮੁਖੀ ਬਣਨ ਤੋਂ ਬਾਅਦ ਉਹ ਕਾਫ਼ੀ ਚਰਚਾ ‘ਚ ਚੱਲ ਰਹੇ ਹਨ।