The Khalas Tv Blog India ‘ਵਾਰਿਸ ਪੰਜਾਬ ਦੇ’ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ
India International Punjab Religion

‘ਵਾਰਿਸ ਪੰਜਾਬ ਦੇ’ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ

ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਹਵਾਲਾ ਦਿੰਦਿਆਂ PM ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 24 ਨਵੰਬਰ, 2026 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ।

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।

ਇਯਾਲੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਕੌਮ ਲਈ ਸਿਰਫ਼ ਇੱਕ ਧਾਰਮਿਕ ਅਸਥਾਨ ਨਹੀਂ, ਸਗੋਂ ਸਾਡੀ ਆਸਥਾ, ਵਿਰਾਸਤ ਅਤੇ ਰੂਹਾਨੀ ਸਾਂਝ ਦਾ ਕੇਂਦਰ ਹੈ। ਲਾਂਘਾ ਬੰਦ ਹੋਣ ਕਾਰਨ ਲੱਖਾਂ ਸ਼ਰਧਾਲੂ ਆਪਣੇ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਦੇ ਖੁੱਲ੍ਹੇ ਦਰਸ਼ਨਾਂ ਤੋਂ ਵਾਂਝੇ ਹਨ, ਜਿਸ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚ ਰਹੀ ਹੈ।

ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ 557ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਵਾਸਤੇ ਪਹਿਲਕਦਮੀ ਕੀਤੀ ਜਾਵੇ। ਇਸ ਦੇ ਨਾਲ ਹੀ ਯਾਤਰਾ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਨਿਕ ਯਤਨ ਕੀਤੇ ਜਾਣ।

ਇਯਾਲੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਪਿਆਰ, ਬਰਾਬਰਤਾ, ਸਰਬਸਾਂਝੀਵਾਲਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਇਸ ਲਈ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਮਨੁੱਖਤਾ ਅਤੇ ਸਾਂਝੀਵਾਲਤਾ ਦੀਆਂ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰੇਗਾ।

Exit mobile version