ਬਿਉਰੋ ਰਿਪੋਰਟ : ਡਿਬਰੂਗੜ੍ਹ ਜੇਲ੍ਹ ਵਿੱਚ ਵਾਰਿਸ ਪੰਜਾਬ ਦੇ ਮੁਖੀ ਅਤੇ ਹੋਰ ਸਿੰਘਾਂ ਨੇ ਭੁੱਖ ਹੜ੍ਹਤਾਲ ਖਤਮ ਕਰ ਦਿੱਤੀ ਹੈ । ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਭੇਜੇ ਪੰਜ ਸਿੰਘਾਂ ਨੇ ਜੇਲ੍ਹ ਉਨ੍ਹਾਂ ਦੇ ਨਾਲ ਮੁਲਾਕਾਤ ਕੀਤੀ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਸਾਦ ਅਤੇ ਹਰਿ ਕੀ ਪਉੜੀ ਦਾ ਜਲ ਛਕਾ ਕੇ ਉਨ੍ਹਾਂ ਦੀ ਭੁੱਖ ਹੜਤਾਲ ਸਮਾਪਤ ਕਰਵਾ ਦਿੱਤੀ ਹੈ। ਇਹ ਸਿੰਘ ਜੇਲ੍ਹ ਵਿਚ ਨਿੱਜਤਾ ਤੇ ਮਨੁੱਖੀ ਅਧਿਕਾਰਾਂ ਦੇ ਹਨਨ ਦੇ ਵਿਰੁੱਧ 16 ਫਰਵਰੀ ਤੋਂ ਭੁੱਖ ਹੜਤਾਲ ‘ਤੇ ਬੈਠੇ ਸਨ। ਜੇਲ੍ਹ ਦੇ ਬਾਹਰ ਵਾਰਿਸ ਪੰਜਾਬ ਦੇ ਮੁਖੀ ਦੀ ਪਤਨੀ ਕਿਰਨਦੀਪ ਕੌਰ ਵੀ ਭੁੱਖ ਹੜਤਾਲ ਦੇ ਬੈਠੀ ਸਨ,ਜਿੰਨਾਂ ਦੀ ਵੀ 5 ਸਿੰਘਾਂ ਨੇ ਭੁੱਖ ਹੜ੍ਹਤਾਲ ਖਤਮ ਕਰਵਾਈ । ਪਿਛਲੇ ਹਫਤੇ ਅੰਮ੍ਰਿਤਸਰ ਵਿੱਚ ਸਿੰਘਾਂ ਦੇ ਪਰਿਵਾਰਾਂ ਨੇ ਵੀ ਜਥੇਦਾਰ ਸਾਹਿਬ ਦੀ ਅਪੀਲ ਤੇ ਭੁੱਖ ਹੜਤਾਲ ਖਤਮ ਕੀਤੀ ਸੀ। 2 ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਨਵੇਂ ਸਿਰ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਬੰਦੀਆਂ ਖਿਲਾਫ NSA ਲਗਾਇਆ ਸੀ ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ਉੱਤੇ ਡਿਬਰੂਗੜ੍ਹ ਜੇਲ੍ਹ ਵਿੱਚ ਵਾਰਿਸ ਪੰਜਾਬ ਤੇ ਸਾਥੀ ਸਿੰਘਾਂ ਦੀ ਮੁਲਾਕਾਤ ਕਰਕੇ ਭੁੱਖ ਹੜਤਾਲ ਸਮਾਪਤ ਕਰਵਾਉਣ । ਭੇਜੇ ਗਏ ਪੰਜ ਸਿੰਘਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਭਾਈ ਪ੍ਰੇਮ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਬਲਵਿੰਦਰ ਸਿੰਘ ਅਤੇ ਭਾਈ ਬਿਕਰਮਜੀਤ ਸਿੰਘ ਸ਼ਾਮਲ ਸਨ। ਪੰਜ ਸਿੰਘਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਭਾਈ ਵਾਰਿਸ ਪੰਜਾਬ ਦੇ ਮੁਖੀ ਦੇ ਚਾਚਾ ਸੁਖਚੈਨ ਸਿੰਘ ਵੀ ਸ਼ਾਮਲ ਸਨ।
ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਅੰਦਰ ਪਹੁੰਚਣ ਤੋਂ ਬਾਅਦ ਨਜ਼ਰਬੰਦ ਸਿੰਘਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਨ ਵੱਲੋਂ ਮੁਲਾਕਾਤ ਸਬੰਧੀ ਪ੍ਰਕਿਰਿਆ ਮੁਕੰਮਲ ਕਰਨ ਵਿੱਚ ਦੇਰੀ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਫ਼ਦ ਨੂੰ ਲੰਮਾ ਸਮਾਂ ਜੇਲ੍ਹ ਦੇ ਬਾਹਰ ਉਡੀਕ ਕਰਨੀ ਪਈ। ਐਡਵੋਕੇਟ ਸਿਆਲਕਾ ਨੇ ਕਿਹਾ ਕਿ ਵਾਰਿਸ ਪੰਜਾਬ ਦੇ ਮੁੱਖੀ ਸਮੇਤ ਬਾਕੀ ਸਿੰਘਾਂ ਦੀ ਭੁੱਖ ਹੜਤਾਲ ਖਤਮ ਕਰਵਾਉਣ ਲਈ ਮੁਲਾਕਾਤ ਦੌਰਾਨ ਸਭ ਤੋਂ ਪਹਿਲਾਂ ਸਾਫ ਵਿਛਾਈ ਕਰਕੇ ਸਿੰਘਾਂ ਨੂੰ ਸੰਗਤ ਵਿੱਚ ਬਿਠਾਇਆ ਗਿਆ ਅਤੇ ਮਰਯਾਦਾ ਅਨੁਸਾਰ ਗਿਆਨੀ ਮਲਕੀਤ ਸਿੰਘ ਵੱਲੋਂ ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ । ਭਾਈ ਪ੍ਰੇਮ ਸਿੰਘ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ ਕਿ ਅਰਦਾਸ ਉਪਰੰਤ ਭਾਈ ਅੰਮ੍ਰਿਤਪਾਲ ਸਿੰਘ, ਭਾਈ ਹਰਜੀਤ ਸਿੰਘ, ਭਾਈ ਪਪਲਪ੍ਰੀਤ ਸਿੰਘ, ਭਾਈ ਭਗਵੰਤ ਸਿੰਘ ਬਾਜੇਕੇ, ਭਾਈ ਵਰਿੰਦਰ ਸਿੰਘ ਫੌਜੀ ਅਤੇ ਭਾਈ ਹਰਜੀਤ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਸਾਦ ਅਤੇ ਹਰਿ ਕੀ ਪਉੜੀ ਦਾ ਜਲ ਛਕਾ ਕੇ ਉਨ੍ਹਾਂ ਦੀ ਭੁੱਖ ਹੜਤਾਲ ਖਤਮ ਕਰਵਾਈ ਗਈ।
ਭਾਈ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਬੀਬੀ ਕਿਰਨਦੀਪ ਸਿੰਘ ਨੇ ਵੀ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਸੀ,ਜੋ ਕਿ ਮੁਲਾਕਾਤ ਸਮੇਂ ਉਹ ਵੀ ਵੱਖਰੇ ਤੌਰ ’ਤੇ ਮੌਜੂਦ ਸਨ ਅਤੇ ਉਨ੍ਹਾਂ ਦੀ ਭੁੱਖ ਹੜਤਾਲ ਵੀ ਖਤਮ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸਾਰੇ ਸਿੰਘ ਚੜ੍ਹਦੀ ਕਲਾ ਵਿੱਚ ਹਨ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਅਤੇ ਸਮੁੱਚਾ ਖ਼ਾਲਸਾ ਪੰਥ ਉਨ੍ਹਾਂ ਦੇ ਨਾਲ ਹੈ। ਐਡੋਵੇਕਟ ਸਿਆਲਕਾ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਸਿੰਘਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਅਤੇ ਸਮੁੱਚੀਆਂ ਪੰਥਕ ਜਥੇਬੰਦੀਆਂ ਦਾ ਧੰਨਵਾਦ ਵੀ ਕੀਤਾ ਗਿਆ ਹੈ।