‘ਦ ਖ਼ਾਲਸ ਬਿਊਰੋ : ਰਾਜਸਥਾਨ ਦੇ ਗੰਗਾਨਗਰ ਨਾਲ ਸਬੰਧ ਰੱਖਦੇ ਸਵਾਮੀ ਬ੍ਰਹਮਦੇਵ ਨਾਮ ਦੇ ਇੱਕ ਵਿਅਕਤੀ ਵੱਲੋਂ ਸ਼ੋਸ਼ਲ ਮੀਡੀਆ ‘ਤੇ ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਛੇੜ-ਛਾੜ ਕਰਦਿਆਂ ਕੁੱਝ ਸ਼ਬਦ ਬਦਲਣ ਅਤੇ ਗੁਰੂ ਸਾਹਿਬ ਦੀ ਥਾਂ ਆਪਣਾ ਨਾਂਅ ਵਰਤਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ ਨਿੰਦਿਆ ਕਰਦਿਆਂ ਦੋਸ਼ੀ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਦਾ ਨਿਰਾਦਰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੁਰਬਾਣੀ ਨਾਲ ਛੇੜਛਾੜ ਕਰਨ ਦਾ ਹੱਕ ਕਿਸੇ ਕੋਲ ਵੀ ਨਹੀਂ ਹੈ।
ਉਨ੍ਹਾਂ ਨੇ ਕਿਹਾ ਕਿ ਰਾਜਸਥਾਨ ਦੇ ਗੰਗਾਨਗਰ ਨਾਲ ਸਬੰਧਤ ਰੱਖਦੇ ਸਵਾਮੀ ਬ੍ਰਹਮਦੇਵ ਵੱਲੋਂ ਫੇਸਬੁੱਕ ‘ਤੇ ਪੋਸਟ ਪਾ ਕੇ ਗੁਰਬਾਣੀ ਨਾਲ ਛੇੜ-ਛਾੜ ਕਰਕੇ ਆਪਣੇ ਢੰਗ ਪੇਸ਼ ਕੀਤਾ ਗਿਆ ਹੈ,ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਕਾਰਵਾਈ ਲਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਬੰਧਤ ਵਿਅਕਤੀ ਖਿਲਾਫ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਪਰਚਾ ਦਰਜ਼ ਕਰਕੇ ਕਰਵਾਈ ਕੀਤੀ ਜਾਵੇ।
ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਕਸਰ ਹੀ ਸ਼ੋਸ਼ਲ ਮੀਡੀਆ ‘ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਅਤੇ ਸਿੱਖ ਸਿਧਾਂਤਾਂ ਨਾਲ ਵੀ ਛੇੜ-ਛਾੜ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਜਾਣ ਬੁੱਝ ਕੇ ਕੀਤਾ ਜਾ ਰਿਹਾ ਹੈ ਅਤੇ ਸ਼ਿਕਾਇਤਾਂ ਤੋਂ ਬਾਅਦ ਵੀ ਅਜਿਹੇ ਲੋਕਾਂ ‘ਤੇ ਕੋਈ ਵੀ ਕਾਰਵਾਈ ਨਹੀਂ ਹੁੰਦੀ ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਸ਼ਜਾਵਾਂ ਮਿਲਣੀਆਂ ਚਾਹੀਦੀਆਂ ਹਨ ਤਾਂ ਜੋ ਕੋਈ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰੇ।