Punjab

ਪੰਜਾਬ ’ਚ ਕਈ ਜ਼ਿਲ੍ਹਿਆਂ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਤੇਜ਼ ਹਨੇਰੀ-ਝੱਖੜ ਨੇ ਮਚਾਈ ਤਬਾਹੀ

ਪੰਜਾਬ ਵਿੱਚ ਕੱਲ੍ਹ ਦੇਰ ਸ਼ਾਮ ਤੋਂ ਮੌਸਮ ਨੇ ਅਚਾਨਕ ਕਰਵਟ ਬਦਲੀ, ਜਿਸ ਨਾਲ ਜਲੰਧਰ, ਅੰਮ੍ਰਿਤਸਰ, ਬਠਿੰਡਾ, ਤਰਨਤਾਰਨ, ਮੁਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਸਮੇਤ ਕਈ ਇਲਾਕਿਆਂ ਵਿੱਚ ਤੇਜ਼ ਹਨੇਰੀ ਅਤੇ ਝੱਖੜ ਨੇ ਤਬਾਹੀ ਮਚਾਈ।  ਜਿਸ ਕਾਰਨ ਕਈ ਜ਼ਿਲ੍ਹਿਆਂ ਵਿਚ ਬਿਜਲੀ ਗੁੱਲ ਹੋ ਗਈ।

ਮੀਂਹ ਅਤੇ ਤੂਫਾਨ ਦੀ ਸੰਭਾਵਨਾ ਨੂੰ ਦੇਖਦਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਪੀਲੀ ਚੇਤਾਵਨੀ ਜਾਰੀ ਕੀਤੀ ਗਈ, ਜਿੱਥੇ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਸੀ।

ਬਠਿੰਡਾ ਵਿੱਚ ਹਨੇਰੀ ਨੇ ਭਾਰੀ ਨੁਕਸਾਨ ਕੀਤਾ, ਜਿਸ ਕਾਰਨ ਬਿਜਲੀ ਦੀ ਸਪਲਾਈ ਠੱਪ ਹੋ ਗਈ ਅਤੇ ਇਲਾਕੇ ਵਿੱਚ ਹਨੇਰਾ ਛਾ ਗਿਆ। ਦਰਜਨਾਂ ਦਰਖਤ ਅਤੇ ਬਿਜਲੀ ਦੇ ਖੰਭੇ ਡਿੱਗਣ ਨਾਲ ਬਿਜਲੀ ਪ੍ਰਣਾਲੀ ਪੂਰੀ ਤਰ੍ਹਾਂ ਠੱਪ ਹੋ ਗਈ। ਤੇਜ਼ ਹਵਾਵਾਂ ਨੇ ਕਈ ਛੱਤਾਂ ਅਤੇ ਟੀਨਾਂ ਨੂੰ ਉਡਾ ਦਿੱਤਾ, ਜਿਸ ਨਾਲ ਸੜਕਾਂ ‘ਤੇ ਆਵਾਜਾਈ ਰੁਕ ਗਈ ਅਤੇ ਲੋਕ ਘਰਾਂ ਵਿੱਚ ਕੈਦ ਹੋ ਗਏ। ਬਜ਼ੁਰਗਾਂ ਅਤੇ ਬੱਚਿਆਂ ਨੂੰ ਵਿਸ਼ੇਸ਼ ਤਕਲੀਫਾਂ ਦਾ ਸਾਹਮਣਾ ਕਰਨਾ ਪਿਆ।

ਹਸਪਤਾਲ, ਪਾਣੀ ਸਪਲਾਈ ਅਤੇ ਹੋਰ ਜ਼ਰੂਰੀ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ। ਪ੍ਰਸ਼ਾਸਨ ਨੇ ਬਿਜਲੀ ਬਹਾਲੀ ਅਤੇ ਸਫਾਈ ਦੇ ਕੰਮ ਸ਼ੁਰੂ ਕਰ ਦਿੱਤੇ ਹਨ ਅਤੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਬਚਾਅ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਹੁਣ ਤੱਕ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ, ਪਰ ਸੰਪਤੀ ਦੇ ਵੱਡੇ ਨੁਕਸਾਨ ਦੀ ਸੰਭਾਵਨਾ ਹੈ।

ਲੁਧਿਆਣਾ ਵਿੱਚ ਮੌਸਮ ਦੀ ਤਬਦੀਲੀ ਨੇ ਕੁਝ ਰਾਹਤ ਦਿੱਤੀ, ਪਰ ਤੇਜ਼ ਤੂਫਾਨ ਨੇ ਨੁਕਸਾਨ ਵੀ ਕੀਤਾ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਨਾਨਕ ਨਗਰ ਵਿੱਚ ਇੱਕ ਇਮਾਰਤ ਦੀ ਕੰਧ ਡਿੱਗਣ ਨਾਲ ਦੋ ਨੌਜਵਾਨ ਜ਼ਖਮੀ ਹੋਏ, ਜਿਨ੍ਹਾਂ ਵਿੱਚੋਂ ਇੱਕ ਦੀ ਹਸਪਤਾਲ ਵਿੱਚ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੈ।