ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib ) ਦੇ ਸਿਰਜਨਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪਵਿੱਤਰ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ, ਜਿਸ ਤੋਂ ਬਾਅਦ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ( Jathedar Kuldeep Singh Gargajj ) ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
ਜਥੇਦਾਰ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਨੀਂਹ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਰੱਖੀ ਸੀ, ਜਿਸ ਦੀ ਸੇਵਾ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਨੇ ਕੀਤੀ। ਇਹ ਤਖਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ ਅਤੇ ਇਸ ਦੀ ਸਥਾਪਨਾ ਗੁਰੂ ਸਾਹਿਬ ਨੇ ਧਰਮ ਅਤੇ ਰਾਜਨੀਤੀ ਨੂੰ ਜੋੜਦੇ ਹੋਏ ਸਮਾਜ ਨੂੰ ਨਿਆਂ ਅਤੇ ਮਨੁੱਖਤਾ ਦੇ ਰਾਹ ‘ਤੇ ਚੱਲਣ ਲਈ ਕੀਤੀ।
ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਅਕਾਲ ਪੁਰਖ ਦਾ ਤਖਤ ਹੈ, ਜੋ ਸਮੇਂ ਦੀਆਂ ਹਕੂਮਤਾਂ ਜਾਂ ਨਿਜ਼ਾਮ ਦੇ ਬਦਲਣ ਨਾਲ ਨਹੀਂ ਬਦਲਦਾ। ਇਹ ਗੁਰੂ ਦੇ ਸਿਧਾਂਤਾਂ ਅਤੇ ਅਕਾਲ ਪੁਰਖ ਦੇ ਹੁਕਮ ਅਨੁਸਾਰ ਚੱਲਦਾ ਹੈ। ਗੁਰੂ ਹਰਗੋਬਿੰਦ ਸਾਹਿਬ ਨੇ ਇਸ ਦੀ ਸਥਾਪਨਾ ਕਰਕੇ ਸਿੱਖਾਂ ਅਤੇ ਮਨੁੱਖਤਾ ਵਿੱਚ ਜ਼ਾਲਮਾਂ ਦੇ ਸਾਹਮਣੇ ਨਾ ਝੁਕਣ ਦਾ ਮਨੋਬਲ ਭਰਿਆ।
ਜਥੇਦਾਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਮਜ਼ਲੂਮਾਂ, ਨਿਮਾਣਿਆਂ, ਅਤੇ ਨਿਤਾਣਿਆਂ ਲਈ ਆਸਰਾ ਹੈ। ਇਹ ਧੀਆਂ-ਭੈਣਾਂ ਦੀ ਰਾਖੀ ਅਤੇ ਗਰੀਬਾਂ ਦੀ ਫਰਿਆਦ ਸੁਣਨ ਵਾਲਾ ਪਵਿੱਤਰ ਤਖਤ ਹੈ। ਉਨ੍ਹਾਂ ਨੇ ਪੰਜਾਬ ਵਿੱਚ ਵਧ ਰਹੀ ਲੱਚਰਤਾ ‘ਤੇ ਚਿੰਤਾ ਜਤਾਈ ਅਤੇ ਨੌਜਵਾਨਾਂ ਨੂੰ ਇਸ ਤੋਂ ਦੂਰ ਰਹਿਣ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਨੂੰ ਗੁਰੂ ਨਾਲੋਂ ਤੋੜਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ। ਜਥੇਦਾਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਬੱਚਿਆਂ ਨੂੰ ਗੁਰੂ ਦੇ ਸਿਧਾਂਤਾਂ ਅਤੇ ਧਰਮ ਨਾਲ ਜੋੜਨ, ਤਾਂ ਜੋ ਉਹ ਲੱਚਰਤਾ ਦੇ ਪ੍ਰਭਾਵ ਤੋਂ ਬਚ ਸਕਣ।
ਜਥੇਦਾਰ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ, ਜੋ ਹਮੇਸ਼ਾ ਨਿਆਂ ਅਤੇ ਧਰਮ ਦੀ ਰਾਖੀ ਲਈ ਕੰਮ ਕਰਦੀ ਹੈ। ਉਨ੍ਹਾਂ ਨੇ ਸੰਗਤ ਨੂੰ ਗੁਰੂ ਦੇ ਦੱਸੇ ਮਾਰਗ ‘ਤੇ ਚੱਲਣ ਅਤੇ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾਉਣ ਦੀ ਪ੍ਰੇਰਣਾ ਦਿੱਤੀ। ਇਸ ਸਮਾਗਮ ਨੇ ਸਿੱਖ ਇਤਿਹਾਸ ਦੀ ਮਹੱਤਤਾ ਨੂੰ ਯਾਦ ਕਰਵਾਉਂਦਿਆਂ ਨੌਜਵਾਨ ਪੀੜ੍ਹੀ ਨੂੰ ਧਰਮ ਅਤੇ ਨਿਆਂ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।