ਭਾਰਤ ਦੇ ਹਮਲੇ ‘ਤੇ, ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਹੈ ਕਿ ਅਸੀਂ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ। ਮਾਰਕੋ ਰੂਬੀਓ ਨੇ ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੈਂ ਭਾਰਤ ਅਤੇ ਪਾਕਿਸਤਾਨ ਦੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ।
ਉਨ੍ਹਾਂ ਅੱਗੇ ਲਿਖਿਆ, “ਮੈਂ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਟਿੱਪਣੀਆਂ ਨਾਲ ਸਹਿਮਤ ਹਾਂ ਕਿ ਇਹ ਜਲਦੀ ਹੀ ਖਤਮ ਹੋਣਾ ਚਾਹੀਦਾ ਹੈ ਅਤੇ ਸ਼ਾਂਤੀਪੂਰਨ ਹੱਲ ਲਈ ਭਾਰਤੀ ਅਤੇ ਪਾਕਿਸਤਾਨੀ ਲੀਡਰਸ਼ਿਪ ਦੋਵਾਂ ਨਾਲ ਗੱਲਬਾਤ ਜਾਰੀ ਰੱਖਾਂਗਾ।”
ਇਸ ਤੋਂ ਇਲਾਵਾ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸਲਾਮਾਬਾਦ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਨੂੰ “ਭਾਰਤ ਦੇ ਹਮਲੇ ਅਤੇ ਇਸ ਨਾਲ ਅੰਤਰਰਾਸ਼ਟਰੀ ਸ਼ਾਂਤੀ ਅਤੇ ਸੁਰੱਖਿਆ ਲਈ ਪੈਦਾ ਹੋਣ ਵਾਲੇ ਖ਼ਤਰੇ” ਬਾਰੇ ਸੂਚਿਤ ਕੀਤਾ ਹੈ।
ਇਸ ਵਿੱਚ ਕਿਹਾ ਗਿਆ ਹੈ, “ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਾਕਿਸਤਾਨ ਸੰਯੁਕਤ ਰਾਸ਼ਟਰ ਚਾਰਟਰ ਦੀ ਧਾਰਾ 51 ਦੇ ਤਹਿਤ ਸਵੈ-ਰੱਖਿਆ ਦੇ ਅਧਿਕਾਰ ਦੇ ਅਨੁਸਾਰ, ਆਪਣੀ ਪਸੰਦ ਦੇ ਸਮੇਂ ਅਤੇ ਸਥਾਨ ‘ਤੇ ਇਸ ਹਮਲੇ ਦਾ ਢੁਕਵਾਂ ਜਵਾਬ ਦੇਣ ਦਾ ਅਧਿਕਾਰ ਰੱਖਦਾ ਹੈ।”
“ਪਾਕਿਸਤਾਨ ਭਾਰਤੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹੈ, ਜੋ ਕਿ ਪਾਕਿਸਤਾਨ ਦੀ ਪ੍ਰਭੂਸੱਤਾ, ਸੰਯੁਕਤ ਰਾਸ਼ਟਰ ਚਾਰਟਰ ਅਤੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਹੈ,” ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਟਵਿੱਟਰ ‘ਤੇ ਪੋਸਟ ਕੀਤਾ।