India Punjab

ਗੁਰਦੁਆਰਿਆਂ ‘ਤੇ ਤਿਰੰਗਾ ਲਹਿਰਾਉਣ ਵਾਲੀ ਖ਼ਬਰ ਦਾ ਸੱਚ ਕੀ ਹੈ ?

ਦ ਖ਼ਾਲਸ ਬਿਊੋਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਅੰਬਾਲਾ ਜ਼ਿਲ੍ਹਾ ਪ੍ਰੀਸ਼ਦ ਦੇ ਵਾਇਰਲ ਹੋਏ ਇੱਕ ਪੱਤਰ ਬਾਰੇ ਬੋਲਦਿਆਂ ਕਿਹਾ ਹੈ ਕਿ ਅੰਬਾਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸਰਕਾਰ ਦੇ (ਹਰ ਘਰ ਤਿਰੰਗਾ) ਪ੍ਰਚਾਰ ਅਧੀਨ ਕੋਈ ਸੱਭਿਆਚਾਰਕ ਸਮਾਗਮ ਨਹੀਂ ਹੋਇਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਕਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਦੀ ਸਹਿਮਤੀ ਤੋਂ ਬਗੈਰ ਹੀ ਇਹ ਸਮਾਗਮ ਸਿੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਉੱਤੇ ਕਰਨੇ ਨੀਯਤ ਕਰ ਦਿੱਤੇ ਗਏ।

ਪਰ ਜਦੋਂ ਪ੍ਰਸ਼ਾਸਨ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਉਕਤ ਸਮਾਗਮ ਕਰਵਾਉਣ ਬਾਰੇ ਗੱਲ਼ ਕੀਤੀ ਗਈ ਤਾਂ ਉਨ੍ਹਾਂ ਨੂੰ ਸਬੰਧਿਤ ਮੈਨੇਜਰਾਂ ਵੱਲੋਂ ਸਪੱਸ਼ਟ ਕਰ ਦਿੱਤਾ ਗਿਆ ਕਿ ਅਜਿਹੇ ਸਮਾਗਮ ਗੁਰਦੁਆਰਾ ਸਾਹਿਬ ਅੰਦਰ ਨਹੀਂ ਕੀਤੇ ਜਾ ਸਕੇ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਇਹ ਸਮਾਗਮ ਹੋਰ ਥਾਂ ਕੀਤੇ ਗਏ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਅਜਿਹਾ ਕੋਈ ਸਮਾਗਮ ਨਹੀਂ ਹੋਇਆ ਹੈ। ਗੁਰਦੁਆਰਾ ਸਾਹਿਬ ਅੰਦਰ ਕੇਵਲ ਗੁਰਮਤਿ ਅਨੁਸਾਰ ਹੀ ਸਮਾਗਮ ਹੋ ਸਕਦੇ ਹਨ ਅਤੇ ਕੇਵਲ ਨਿਸ਼ਾਨ ਸਾਹਿਬ ਹੀ ਝੁਲਾਇਆ ਜਾ ਸਕਦਾ ਹੈ। ਇਸ ਲਈ ਉਨ੍ਹਾਂ ਨੇ ਸੰਗਤ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

ਉੱਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਲੋਕਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਹਰਿਆਣਾ ਸਰਕਾਰ ਉੱਤੇ ਜ਼ਿਲ੍ਹਾ ਪ੍ਰੀਸ਼ਦ ਅੰਬਾਲਾ ਵਲੋਂ ਗੁਰਦੁਆਰਾ ਮੰਜੀ ਸਾਹਿਬ ਅਤੇ ਪੰਜੋਖੜਾ ਸਾਹਿਬ ਵਿਖੇ ਤਿਰੰਗੇ ਝੁਲਾਉਣ ਨੂੰ ਤਾਨਾਸ਼ਾਹੀ ਕਰਾਰ ਦਿੱਤਾ ਹੈ। ਮਾਨ ਨੇ ਕਿਹਾ ਕਿ ਜੋ ਵੀ ਸਿੱਖ ਮੁਤੱਸਵੀਆ ਦੇ ਪੰਥ ਵਿਰੋਧੀ ਹੁਕਮਾਂ ਨੂੰ ਮੰਨ ਕੇ ਅਵੱਗਿਆ ਕਰਨਗੇ, ਉਹ ਖਾਲਸਾ ਪੰਥ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਤਨਖਾਹੀਏ ਹੋਣਗੇ, ਜਦਕਿ ਸ਼੍ਰੋਮਣੀ ਕਮੇਟੀ ਨੇ ਇਸ ਗੱਲ ਦਾ ਖੰਡਨ ਕੀਤਾ ਹੈ।