ਜਲੰਧਰ : ਆਪਣੀਆਂ ਕਈ ਗੱਲਾਂ ਅਤੇ ਅਨੋਖੇ ਕੰਮਾਂ ਲਈ ਚਰਚਾ ‘ਚ ਰਹਿਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਤੋਂ ਚਰਚਾ ਵਿੱਚ ਹਨ। ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਪ੍ਰਚਾਰ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਇਨ੍ਹਾਂ ‘ਚੋਂ ਇਕ ਰੰਗ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਰਿਕਸ਼ੇ ਦੇ ਰੰਗ ‘ਚ ਵੀ ਦੇਖਣ ਨੂੰ ਮਿਲਿਆ ਹੈ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਚੋਣ ਪ੍ਰਚਾਰ ਦੌਰਾਨ ਚੰਨੀ ਔਰਤਾਂ ਨੂੰ ਰਿਕਸ਼ੇ ‘ਤੇ ਸਵਾਰੀ ਕਰਵਾਉਂਦੇ ਨਜ਼ਪ ਆਏ। ਚੰਨੀ ਦਾ ਰਿਕਸ਼ਾ ਚਲਾਉਣ ਦਾ ਇਹ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।
ਦੱਸ ਦਈਏ ਕਿ ਜਦੋਂ ਚਰਨਜੀਤ ਸਿੰਘ ਚੰਨੀ 112 ਦਿਨ ਪੰਜਾਬ ਦੇ ਮੁੱਖ ਮੰਤਰੀ ਸਨ, ਉਸ ਸਮੇਂ ਦੌਰਾਨ ਵੀ ਉਨ੍ਹਾਂ ਦੀਆਂ ਕਈ ਵੀਡੀਓਜ਼ ਅਤੇ ਫੋਟੋਆਂ ਵਾਇਰਲ ਹੋਈਆਂ ਸਨ। ਵਿਧਾਨ ਸਭਾ ਚੋਣਾਂ ਦੌਰਾਨ ਆਪਣੀ ਬੱਕਰੀ ਦਾ ਦੁੱਧ ਕੱਢ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ, ਰਸਤੇ ‘ਚ ਕੰਧ ‘ਤੇ ਬੈਠ ਕੇ ਇਕ ਆਮ ਆਦਮੀ ਦੀ ਤਸਵੀਰ ਦੀ ਵੀਡੀਓ ਨੇ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋਈ ਸੀ।
ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਦੀ ਪਤਨੀ ਪਰਮਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਐਲਾਨ ਕੀਤਾ ਹੈ ਕਿ ਇਹ ਚੋਣ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੇ ਲੜੀ ਜਾਵੇਗੀ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ 10 ਮਈ ਨੂੰ ਹੋਣੀ ਹੈ, ਜਦਕਿ ਇਸ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।
ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣਾਂ ਲਈ 1972 ਪੋਲਿੰਗ ਬੂਥ ਸਥਾਪਿਤ ਕਰਨ ਨੂੰ ਅੰਤਿਮ ਰੂਪ ਦਿੱਤਾ ਹੈ। ਇਨ੍ਹਾਂ 9 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 16,21,800 ਵੋਟਰ ਹਨ। ਇਨ੍ਹਾਂ ਵਿੱਚ 8,44,904 ਪੁਰਸ਼, 7,76,855 ਮਹਿਲਾ ਤੇ 41 ਥਰਡ ਜੈਂਡਰ ਵੋਟਰ ਸ਼ਾਮਲ ਹਨ।