India

ਪਾਰਟੀ ਦੇ 23 ਲੀਡਰਾਂ ਵੱਲੋਂ ਪੇਸ਼ ਕੀਤੀ ਚਿੱਠੀ ‘ਤੇ ਛਿੜੀ ਜੰਗ, ਕੌਣ ਹੋਵੇਗਾ ਕਾਂਗਰਸ ਦਾ ਨਵਾਂ ਪ੍ਰਧਾਨ?

‘ਦ ਖ਼ਾਲਸ ਬਿਊਰੋ:- ਕਾਂਗਰਸ ਪਾਰਟੀ ਦੀ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਪਾਰਟੀ ਵਿੱਚ ਸਿਆਸਤ ਭਖ ਗਈ ਹੈ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਕਈ ਲੀਡਰਾਂ ਨੇ ਸੋਨੀਆ ਗਾਂਧੀ ਦੀ ਇਸ ਪੇਸ਼ਕਸ਼ ਦਾ ਵਿਰੋਧ ਕੀਤਾ ਹੈ।

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪਾਰਟੀ ‘ਚ ਨਵੇਂ ਪ੍ਰਧਾਨ ਦੀ ਚੋਣ ਤੱਕ ਬਣੇ ਰਹਿਣ ਦੀ ਅਪੀਲ ਕੀਤੀ ਹੈ।  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੋਨੀਆ ਗਾਂਧੀ ਜਦੋਂ ਤੱਕ ਚਾਹੁੰਦੇ ਹਨ, ਉਹ ਪ੍ਰਧਾਨਗੀ ਦੇ ਅਹੁਦੇ ‘ਤੇ ਬਣੇ ਰਹਿਣ, ਇਸ ਤੋਂ ਬਾਅਦ ਰਾਹੁਲ ਗਾਂਧੀ ਨੂੰ ਇਹ ਅਹੁਦਾ ਸੰਭਾਲਣਾ ਚਾਹੀਦਾ ਹੈ ਕਿਉਂਕਿ ਉਹ ਪੂਰੀ ਤਰ੍ਹਾਂ ਸਮਰੱਥ ਹਨ।

ਜੇਕਰ ਦੇਖਿਆ ਜਾਵੇ ਤਾਂ ਪਾਰਟੀ ਵਿੱਚ ਦੋ ਧੜੇ ਬਣਦੇ ਦਿਖਾਈ ਦੇ ਰਹੇ ਹਨ। ਇਕ ਪਾਸੇ ਤਾਂ ਰਾਜ ਸਭਾ ਦੇ ਸੀਨੀਅਰ ਲੀਡਰ ਕਪਿਲ ਸਿੰਬਲ, ਮਨੀਸ਼ ਤਿਵਾਰੀ, ਜਿਤਿਨ ਪ੍ਰਸਾਦ, ਭੁਪਿੰਦਰ ਸਿੰਘ ਹੁੱਡਾ ਅਤੇ ਵਿਵੇਕ ਤਨਖ ਤੋਂ ਇਲਾਵਾ ਕੁੱਲ 23 ਲੀਡਰਾਂ ਨੇ ਇੱਕ ਪੱਤਰ ਲਿਖ ਕੇ ਕਾਂਗਰਸ ਪਾਰਟੀ  ‘ਚ ਤਬਦੀਲੀ ਕਰਨ ਦੀ ਮੰਗ ਕੀਤੀ ਹੈ। ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਹੋਰ ਲੀਡਰਾਂ ਨੇ ਇਨ੍ਹਾਂ ਮੰਗਾਂ ਦਾ ਵਿਰੋਧ ਕੀਤਾ ਹੈ।

  ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੇ ਪਾਰਟੀ ਵਿੱਚ ਤਬਦੀਲੀ ਕਰਨ ਦੇ ਪੱਤਰ ਬਾਰੇ 23 ਲੀਡਰਾਂ ‘ਤੇ BJP ਨਾਲ ਮਿਲੀ ਭੁਗਤ ਦਾ ਇਲਜ਼ਾਮ ਲਾਇਆ ਹੈ।

ਜਿਸ ਤੋਂ ਬਾਅਦ ਪਾਰਟੀ ਦੇ ਆਪਣੇ ਹੀ ਲੀਡਰਾਂ ਵੱਲੋਂ ਇੱਕ ਦੂਸਰੇ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।