ਚੰਡੀਗੜ੍ਹ : ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ, ਇਹ ਐਲਾਨ ਸੁਨੀਲ ਜਾਖੜ ਨੇ ਖ਼ੁਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਨਾ ਤਾਂ ਗੁਰਦਾਸਪੁਰ ਸੰਸਦੀ ਹਲਕੇ ਤੋਂ ਚੋਣ ਲੜਨਗੇ ਅਤੇ ਨਾ ਹੀ ਕਿਸੇ ਹੋਰ ਸੰਸਦੀ ਸੀਟ ਤੋਂ। ਇਹ ਐਲਾਨ ਸੁਨੀਲ ਜਾਖੜ ਨੇ ਲੌਂਗੋਵਾਲ ਵਿੱਚ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਕੀਤਾ ਹੈ।
ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਜਾਖੜ ਨੇ ਕਿਹਾ ਕਿ ਕੌਣ ਕਿੱਥੋਂ ਲੋਕ ਸਭਾ ਚੋਣ ਲੜੇਗਾ, ਇਸ ਬਾਰੇ ਫ਼ੈਸਲਾ ਪਾਰਟੀ ਨੇ ਕਰਨਾ ਹੈ, ਪਰ ਉਹ ਕਿਸੇ ਵੀ ਸੀਟ ਤੋਂ ਲੋਕ ਸਭਾ ਚੋਣ ਨਹੀਂ ਲੜਨਗੇ ਸਗੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ ਕਿਉਂਕਿ ਅੱਜ ਉਹੀ ਹਾਲਾਤ ਮੁੜ ਬਣਦੇ ਜਾ ਰਹੇ ਹਨ ਜਿਨ੍ਹਾਂ ਦਾ ਖ਼ਮਿਆਜ਼ਾ ਪੰਜਾਬ ਦੇ ਲੋਕ ਭੁਗਤ ਚੁੱਕੇ ਹਨ।
ਜਾਖੜ ਨੇ ਕਿਹਾ ਕਿ ਲੋਕਾਂ ਅੰਦਰ ਬੇਚੈਨੀ ਹੈ। ਪੰਥ ਸਮਝਦਾ ਹੈ ਕਿ ਕੁੱਝ ਲੋਕਾਂ ਨੇ ਪੰਥ ਨੂੰ ਹਾਈਜੈਕ ਕਰ ਲਿਆ ਹੈ ਅਤੇ ਲੋਕ ਸਮਝਦੇ ਹਨ ਕਿ ਬਾਹਰੋਂ ਆਏ ਲੋਕਾਂ ਨੇ ਪੰਜਾਬ ਦੀ ਸਰਕਾਰ ਹਾਈਜੈਕ ਕਰ ਲਈ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਬਾਹਰੋਂ ਆ ਕੇ ਕਿਸੇ ਨੇ ਉਨ੍ਹਾਂ ਦੀ ਮਦਦ ਨਹੀਂ ਕਰਨੀ ਸਗੋਂ ਸਾਨੂੰ ਖ਼ੁਦ ਆਪਣੇ ਹੱਕਾਂ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਪਹਿਰਾ ਦੇਣਾ ਪਵੇਗਾ। ਅਜਿਹਾ ਨਾ ਕਰਨ ’ਤੇ ਉਹੀ ਹਾਲਾਤ ਮੁੜ ਬਣ ਜਾਣਗੇ। ਪੰਜਾਬ ਦੀ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਾਨੂੰ ਖ਼ੁਦ ਅੱਗੇ ਆਉਣਾ ਪਵੇਗਾ।