Khetibadi Punjab

ਝੱਖੜ ਤੇ ਗੜਿਆਂ ਨੇ ਬਰਬਾਦ ਕੀਤੀ ਕਣਕ ਦੀ ਫ਼ਸਲ , CM ਮਾਨ ਨੇ ਦਿੱਤੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

Windstorm and hail destroyed the wheat crop, special girdavari orders given by CM MannWindstorm and hail destroyed the wheat crop, special girdavari orders given by CM Mann

ਮੁਹਾਲੀ : ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਸਮੇਤ ਕਿਤੇ-ਕਿਤੇ ਪਏ ਗੜਿਆਂ ਨੇ ਹਾੜੀ ਦੀ ਫ਼ਸਲ ਦਾ ਨੁਕਸਾਨ ਕੀਤਾ ਹੈ। ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਸੀ ਅਤੇ ਬੀਤੇ ਦਿਨ ਮੁੜ ਸੂਬੇ ਵਿੱਚ ਪਏ ਮੀਂਹ ਨੇ ਕਿਸਾਨਾਂ ਦੀ ਫ਼ਿਕਰ ਵਧਾ ਦਿੱਤੀ ਹੈ।

ਪੰਜਾਬ ਵਿੱਚ ਹੁਣ ਤੱਕ 10 ਲੱਖ ਏਕੜ ਕਣਕ ਦੀ ਫ਼ਸਲ ਨੁਕਸਾਨੀ ਜਾ ਚੁੱਕੀ ਹੈ ਅਤੇ ਫ਼ਾਜ਼ਿਲਕਾ ਵਿੱਚ ਆਏ ਝੱਖੜ ਕਾਰਨ ਭਾਰੀ ਨੁਕਸਾਨ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਬੇਮੌਸਮੀ ਮੀਂਹ ਕਾਰਨ ਫ਼ਸਲਾਂ, ਬਾਗ਼ਾਂ ਅਤੇ ਮਕਾਨਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਜਲਦੀ ਰਿਪੋਰਟ ਦੇਣ ਲਈ ਕਿਹਾ ਹੈ ਤਾਂ ਜੋ ਪ੍ਰਭਾਵਿਤ ਲੋਕਾਂ ਅਤੇ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾ ਸਕੇ।

CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਜਿੱਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ ਓਥੇ ਸਪੈਸ਼ਲ ਗਿਰਦਾਵਰੀ ਹਫ਼ਤੇ ਦੇ ਅੰਦਰ ਕਰਕੇ ਰਿਪੋਰਟ ਦੇਣ ਲਈ ਨਿਰਦੇਸ਼ ਦੇ ਦਿੱਤੇ ਹਨ..ਮੇਰੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ..ਹੌਸਲਾ ਅਤੇ ਯਕੀਨ ਰੱਖੋ ਸਰਕਾਰ ਤੁਹਾਡੇ ਨਾਲ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਪਹਿਲਾਂ ਫਰਵਰੀ ਮਹੀਨੇ ਵਿੱਚ ਵਧੇ ਤਾਪਮਾਨ ਨੇ ਫ਼ਸਲ ਨੂੰ ਪ੍ਰਭਾਵਿਤ ਕੀਤਾ ਅਤੇ ਹੁਣ ਮੀਂਹ ਤੇ ਝੱਖੜ ਨੇ ਫ਼ਸਲਾਂ ਖੇਤਾਂ ਵਿੱਚ ਵਿਛਾ ਦਿੱਤੀਆਂ ਹਨ। ਹੁਣ ਤੱਕ ਪ੍ਰਾਪਤ ਸੂਚਨਾ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਸਭ ਤੋਂ ਵੱਧ ਨੁਕਸਾਨ ਹੋਣ ਦੀ ਖ਼ਬਰ ਹੈ।