Punjab

ਬੀਜੇਪੀ ਦੇ 2 ਵਿਧਾਇਕਾਂ ਨੂੰ ਛੱਡ ਕੇ ਕੈਪਟਨ ਨਾਲ ਸਾਰੇ 115 ਵਿਧਾਇਕ ਰਾਜਪਾਲ ਕੋਲ ਗਏ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਨੂੰ ਆਪਣੀ ਸਰਕਾਰ ਦੇ ਚਾਰ ਇਤਿਹਾਸਕ ਬਿੱਲਾਂ ਨੂੰ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਸੀ, ਜਿਸ ‘ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਪੰਜਾਬ ਪੂਰੇ ਭਾਰਤ ਵਿੱਚ ਪਹਿਲਾ ਸੂਬਾ ਬਣ ਗਿਆ ਹੈ ਜਿਸ ਦੀ ਵਿਧਾਨ ਸਭਾ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਮਤਾ ਪਾਸ ਕੀਤਾ ਹੈ। ਕੈਪਟਨ ਨੇ ਇਹ ਬਿੱਲ ਰਾਜਪਾਲ ਵੀ.ਪੀ.ਸਿੰਘ ਬਦਨੌਰ ਨੂੰ ਸੌਂਪ ਦਿੱਤੇ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਭਾਜਪਾ ਦੇ 2 ਵਿਧਾਇਕਾਂ ਨੂੰ ਛੱਡ ਕੇ ਸਾਰੀਆਂ ਪਾਰਟੀਆਂ ਦੇ 115 ਵਿਧਾਇਕਾਂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ, ਜਿੱਥੇ ਸਾਰੀਆਂ ਪਾਰਟੀਆਂ ਦੇ ਵਿਧਾਇਕ ਇੱਕ ਮੰਚ ‘ਤੇ ਨਜ਼ਰ ਆਏ, ਜੋ ਪੰਜਾਬ ਦੀ ਸਿਆਸਤ ਦੀ ਸਭ ਤੋਂ ਵੱਡੀ ਤਸਵੀਰ ਹੈ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਲੋਕ ਇਨਸਾਫ ਅਤੇ ਕਾਂਗਰਸ ਦੇ ਵਿਧਾਇਕ ਰਾਜਪਾਲ ਨੂੰ ਮਿਲਣ ਪਹੁੰਚੇ। ਕੈਪਟਨ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬੀਜੇਪੀ ਦੇ ਜਿਹੜੇ ਵਿਧਾਇਕ ਨਹੀਂ ਆਏ, ਉਨ੍ਹਾਂ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ।

ਕੈਪਟਨ ਅਮਰਿੰਦਰ ਨੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਉਹ ਵਿਧਾਨ ਸਭਾ ਵਿੱਚ ਪਾਸ ਬਿੱਲਾਂ ’ਤੇ ਦਸਤਖ਼ਤ ਕਰ ਦੇਣ। ਜੇ ਰਾਜਪਾਲ ਵੱਲੋਂ ਦਸਤਖ਼ਤ ਨਾ ਕੀਤੇ ਗਏ ਤਾਂ ਉਨ੍ਹਾਂ ਨੇ ਕਿਹਾ ਕਿ, “ਜੇ ਅਜਿਹਾ ਹੁੰਦਾ ਹੈ ਤਾਂ ਸਾਡੇ ਕੋਲ ਕਾਨੂੰਨੀ ਬਦਲ ਹਨ। ਅਸੀਂ ਰਾਸ਼ਟਰਪਤੀ ਕੋਲ ਵੀ ਸਮਾਂ ਮੰਗਿਆ ਹੈ ਤੇ ਨਵੰਬਰ ਦੇ ਪਹਿਲੇ ਹਫ਼ਤੇ ਵਿੱਚ ਸਾਰੀ ਵਿਧਾਨ ਸਭਾ ਉਨ੍ਹਾਂ ਨਾਲ ਮੁਲਾਕਾਤ ਕਰੇਗੀ।”

ਪੰਜਾਬ ਨੂੰ ਛੋਟਾ ਸੂਬਾ ਨਾ ਸਮਝਣ ਮੋਦੀ – ਅਕਾਲੀ ਦਲ

 ਰਾਜ ਭਵਨ ਦੇ ਬਾਹਰ ਅਕਾਲੀ ਦਲ ਨੇ ਕਿਹਾ ਕਿ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਲਿਆਂਦੇ ਗਏ ਬਿੱਲਾਂ ਦੇ ਨਾਲ ਸਹਿਮਤੀ ਪ੍ਰਗਟਾਈ ਹੈ। ਅਕਾਲੀ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ, “ਮੈਂ ਅੱਜ ਮੋਦੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਪੰਜਾਬ ਨੂੰ ਛੋਟਾ ਸੂਬਾ ਨਾ ਮੰਨਿਆ ਜਾਵੇ। ਕਈ ਵੱਡੀਆਂ ਲਹਿਰਾਂ ਪੰਜਾਬ ਤੋਂ ਵੀ ਨਿਕਲੀਆਂ ਹਨ।” ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਵੀ ਕਿਹਾ ਕਿ ਉਹ ਇਨ੍ਹਾਂ ਬਿੱਲਾਂ ਦੇ ਹੱਕ ਵਿੱਚ ਪੰਜਾਬ ਸਰਕਾਰ ਨਾਲ ਖੜ੍ਹੇ ਹਨ।