Punjab

ਬੱਸਾਂ ‘ਚ ਫ੍ਰੀ ਸਫਰ ਕਰਨ ਵਾਲੀਆਂ ਬੀਬੀਆਂ ਪਹਿਲਾਂ ਪੜ੍ਹ ਲੈਣ ਇਹ ਸ਼ਰਤਾਂ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਅੱਜ ਤੋਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਸਫਰ ਮੁਫਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੇ ਆਖਰੀ ਸਾਲ ਦੌਰਾਨ ਔਰਤਾਂ ਨੂੰ ਮੁਫ਼ਤ ਬੱਸ ਸਫਰ ਦੀ ਸਹੂਲਤ ਦਿੱਤੀ ਹੈ। ਇਸ ਨਾਲ ਸੂਬੇ ਦੀਆਂ ਕਰੀਬ 1.31 ਕਰੋੜ ਔਰਤਾਂ/ਲੜਕੀਆਂ ਨੂੰ ਲਾਭ ਹੋਵੇਗਾ। ਹਾਲਾਂਕਿ, ਸਰਕਾਰੀ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਔਰਤਾਂ ਨੂੰ ਟਿਕਟ ਤਾਂ ਜ਼ਰੂਰ ਮਿਲ ਰਹੀ ਹੈ, ਪਰ ਉਨ੍ਹਾਂ ਤੋਂ ਕਿਰਾਇਆ ਨਹੀਂ ਲਿਆ ਜਾ ਰਿਹਾ।

ਪੰਜਾਬ ਭਰ ਵਿੱਚ ਕਰੀਬ ਇੱਕ ਹਜ਼ਾਰ ਥਾਂਵਾਂ ’ਤੇ ਇਹ ਉਦਘਾਟਨੀ ਸਮਾਰੋਹ ਰੱਖੇ ਗਏ ਹਨ। ਇਸ ਸਕੀਮ ਤਹਿਤ ਪੰਜਾਬ ਦੀਆਂ ਵਸਨੀਕ ਔਰਤਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਸਕਣਗੀਆਂ, ਜਿਸ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਬੱਸਾਂ (ਪਨਬੱਸ) ਅਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਜ਼ ਸ਼ਾਮਲ ਹਨ।

ਸਰਕਾਰੀ ਏ.ਸੀ.ਬੱਸਾਂ, ਵੌਲਵੋ ਬੱਸਾਂ ਅਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਇਹ ਸਕੀਮ ਲਾਗੂ ਨਹੀਂ ਹੋਵੇਗੀ। ਇਸ ਸਕੀਮ ਦਾ ਫਾਇਦਾ ਲੈਣ ਲਈ ਔਰਤਾਂ ਨੂੰ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਲੋੜੀਂਦਾ ਹੋਵੇਗਾ। ਪੰਜਾਬ ਸਰਕਾਰ ਦੇ ਮੁਲਾਜ਼ਮ ਜਿਹੜੇ ਚੰਡੀਗੜ੍ਹ ਰਹਿੰਦੇ ਹਨ, ਉਨ੍ਹਾਂ ਦੀਆਂ ਪਰਿਵਾਰਕ ਮੈਂਬਰ ਔਰਤਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਔਰਤਾਂ ਵੀ ਇਸ ਮੁਫਤ ਬੱਸ ਸਫਰ ਸਹੂਲਤ ਦਾ ਫਾਇਦਾ ਉਠਾ ਸਕਦੀਆਂ ਹਨ। ਕਿਸੇ ਵੀ ਉਮਰ ਵਰਗ ਦੀਆਂ ਔਰਤਾਂ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ।

ਸੂਬੇ ਵਿੱਚ ਔਰਤਾਂ ਅਤੇ ਲੜਕੀਆਂ ਨੂੰ ਸਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਕੈਪਟਨ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ। ਜਨਗਣਨਾ 2011 ਅਨੁਸਾਰ ਪੰਜਾਬ ਵਿੱਚ ਕੁੱਲ ਵਸੋਂ 2.77 ਕਰੋੜ ਹੈ, ਜਿਸ ਵਿੱਚ 1,46,39,465 ਪੁਰਸ਼ ਅਤੇ 1,31,03,873 ਔਰਤਾਂ ਸ਼ਾਮਿਲ ਹਨ।