ਦਿੱਲੀ : ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੇ ਸ਼ਨੀਵਾਰ ਨੂੰ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ 2 ਘੰਟੇ ਤੱਕ ਚੱਲੀ। ਦਿੱਲੀ ਪੁਲਿਸ ਨੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਹਨ, ਜਿਸ ਵਿੱਚ ਇੱਕ ਐਫਆਈਆਰ ਇੱਕ ਨਾਬਾਲਗ ਪਹਿਲਵਾਨ ਦੇ ਦੋਸ਼ਾਂ ਦੇ ਆਧਾਰ ‘ਤੇ ਪੋਕਸੋ (ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ) ਐਕਟ ਦੇ ਤਹਿਤ ਦਰਜ ਕੀਤੀ ਗਈ ਹੈ।
ਓਲੰਪੀਅਨ ਬਜਰੰਗ ਪੂਨੀਆ ਨੇ ਐਨਡੀਟੀਵੀ ਨੂੰ ਦੱਸਿਆ ਕਿ ਉਹ ਕੱਲ੍ਹ (ਸ਼ਨੀਵਾਰ) ਦੇਰ ਸ਼ਾਮ ਗ੍ਰਹਿ ਮੰਤਰੀ ਨੂੰ ਦਿੱਲੀ ਵਿੱਚ ਉਨ੍ਹਾਂ ਦੇ ਘਰ ਮਿਲਿਆ। ਰਾਤ 11 ਵਜੇ ਸ਼ੁਰੂ ਹੋਈ ਮੀਟਿੰਗ ਦੋ ਘੰਟੇ ਤੋਂ ਵੱਧ ਚੱਲੀ ਅਤੇ ਇਸ ਵਿਚ ਪੂਨੀਆ, ਵਿਨੇਸ਼ ਫੋਗਾਟ, ਸਾਕਸ਼ੀ ਮਲਿਕ, ਸੰਗੀਤਾ ਫੋਗਾਟ ਅਤੇ ਸਤਿਆਵਰਤ ਕਾਦਿਆਨ ਸ਼ਾਮਲ ਹੋਏ।
ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਨਿਰਪੱਖ ਜਾਂਚ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ, ਜਿਸ ‘ਤੇ ਇਕ ਨਾਬਾਲਗ ਸਮੇਤ ਸੱਤ ਮਹਿਲਾ ਪਹਿਲਵਾਨਾਂ ਦੁਆਰਾ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਗਏ ਹਨ। ਅਮਿਤ ਸ਼ਾਹ ਨੇ ਪਹਿਲਵਾਨਾਂ ਨੂੰ ਭਰੋਸਾ ਦਿੱਤਾ ਕਿ ਕਾਨੂੰਨ ਸਭ ਲਈ ਬਰਾਬਰ ਹੈ, ਕਾਨੂੰਨ ਨੂੰ ਆਪਣਾ ਕੰਮ ਕਰਨ ਦਿਓ। ਬਜਰੰਗ ਪੂਨੀਆ ਨੇ ਮੀਟਿੰਗ ਮਗਰੋਂ ਕਿਹਾ ਕਿ ਸਾਡੀ ਗ੍ਰਹਿ ਮੰਤਰੀ ਨਾਲ ਮੀਟਿੰਗ ਹੋਈ ਹੈ, ਇਸ ਤੋਂ ਵੱਧ ਮੈਂ ਟਿੱਪਣੀ ਨਹੀਂ ਕਰ ਸਕਦਾ।
ਬਜਰੰਗ ਤੇ ਸਾਕਸ਼ੀ ਤੇ ਵਰਲਡ ਚੈਂਪੀਅਨ ਵਿਨੇਸ਼ ਫੋਗਾਟ ਇਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਹਨ। ਮਹਿਲਾ ਪਹਿਲਵਾਨਾਂ ਨੇ ਇਕ ਨਾਬਾਲਗ ਸਮੇਤ ਮਹਿਲਾ ਪਹਿਲਵਾਨਾਂ ਦਾ ਜਿਣਸੀ ਸੋਸ਼ਣ ਕੀਤੇ ਜਾਣ ਦੇ ਦੋਸ਼ ਲਗਾਏ ਹਨ। ਪਤਾ ਲੱਗਾ ਹੈ ਕਿ ਪਹਿਲਵਾਨਾਂ ਨੇ ਮੰਗ ਕੀਤੀ ਕਿ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਖਿਲਾਫ ਮਜ਼ਬੂਤ ਚਾਰਜਸ਼ੀਟ ਜਲਦੀ ਤੋਂ ਜਲਦੀ ਦਾਖਲ ਕੀਤੀ ਜਾਵੇ। ਇਹ ਵੀ ਪਤਾ ਲੱਗਾ ਹੈ ਕਿ ਗ੍ਰਹਿ ਮੰਤਰੀ ਨੇ ਕਿਹਾ ਹੈ ਕਿ ਪੂਰੀ ਕਾਰਵਾਈ ਕਾਨੂੰਨੀ ਪ੍ਰਕਿਰਿਆ ਮੁਤਾਬਕ ਹੋਵੇਗੀ।
ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਖ਼ਿਲਾਫ਼ ਕਾਰਵਾਈ ਲਈ ਪੰਜ ਦਿਨਾਂ ਦੀ ਸਮਾਂ ਸੀਮਾ ਕੱਲ੍ਹ ਖ਼ਤਮ ਹੋਣ ਮਗਰੋਂ ਅਮਿਤ ਸ਼ਾਹ ਨੂੰ ਮਿਲਣ ਦੀ ਮੰਗ ਕੀਤੀ ਸੀ।
ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਨਵੀਂ ਸੰਸਦ ਭਵਨ ਦੇ ਉਦਘਾਟਨ ਵਾਲੇ ਦਿਨ 28 ਮਈ ਨੂੰ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਪ੍ਰਦਰਸ਼ਨ ਵਾਲੀ ਥਾਂ ਜੰਤਰ-ਮੰਤਰ ਤੋਂ ਉਨ੍ਹਾਂ ਦਾ ਸਮਾਨ ਹਟਾ ਦਿੱਤਾ ਸੀ।