Punjab

ਦਸੂਹਾ ‘ਚ ਫਾਈਨਾਂਸ ਦਫਤਰ ‘ਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ, ਕੰਪਨੀ ਦੇ ਡਾਇਰੈਕਟਰ ਖਿਲਾਫ ਮਾਮਲਾ ਦਰਜ

Youth dies after being shot in finance office in Dasuha, case registered against company director

ਪੰਜਾਬ ਦੇ ਦਸੂਹਾ ਸਥਿਤ ਬਜਾਜ ਮੋਟਰ ਫਾਈਨਾਂਸ ਦੇ ਦਫਤਰ ‘ਚ ਕੰਮ ਕਰਦੇ ਇਕ ਨੌਜਵਾਨ ਦੀ ਸੋਮਵਾਰ ਸ਼ਾਮ ਕਰੀਬ 6 ਵਜੇ ਭੇਦਭਰੀ ਹਾਲਤ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਉਡਰਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਲੀ ਲੱਗਣ ਤੋਂ ਬਾਅਦ ਜ਼ਖ਼ਮੀ ਗੁਰਪ੍ਰੀਤ ਨੂੰ ਖ਼ੂਨ ਨਾਲ ਲੱਥਪੱਥ ਹਾਲਤ ਵਿੱਚ ਦਸੂਹਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ।

ਦੱਸਿਆ ਜਾਂਦਾ ਹੈ ਕਿ ਜਦੋਂ ਹਸਪਤਾਲ ਦੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਤਾਂ ਸ਼ੋਅਰੂਮ ਮਾਲਕ ਆਪਣੀ ਕਾਰ ਉੱਥੇ ਹੀ ਛੱਡ ਕੇ ਉੱਥੋਂ ਫ਼ਰਾਰ ਹੋ ਗਿਆ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਜਿਵੇਂ ਹੀ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਸਿਵਲ ਹਸਪਤਾਲ ਪੁੱਜੇ। ਇਸ ਦੌਰਾਨ ਮ੍ਰਿਤਕ ਦੇ ਵਾਰਸਾਂ ਅਤੇ ਪਿੰਡ ਦੇ ਲੋਕ ਥਾਣੇ ਪਹੁੰਚ ਗਏ ਅਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਕਰਨ ਲੱਗੇ।

ਐਸਐਚਓ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗੋਲੀ ਵਿੱਤ ਦਫ਼ਤਰ ਦੇ ਮਾਲਕ ਦੇ ਲਾਇਸੈਂਸੀ ਹਥਿਆਰ ਤੋਂ ਚਲਾਈ ਗਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਤਹਿ ਤੱਕ ਪਹੁੰਚ ਕੀਤੀ ਜਾਵੇਗੀ।

ਪੁਲਿਸ ਨੇ ਕਤਲ ਦੇ ਦੋਸ਼ ਹੇਠ ਫਾਈਨਾਂਸ ਕੰਪਨੀ ਦੇ ਸੰਚਾਲਕ ਪਵਿੱਤਰ ਸਿਮਰਨ ਸਿੰਘ ਵਾਸੀ ਵਾਰਡ ਨੰਬਰ 7 ਦਸੂਹਾ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਅਤੇ 27/54/59 ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।