Khetibadi Punjab

ਡੱਲੇਵਾਲ ਦਾ ਭੁੱਖ ਹੜਤਾਲ ਦਾ 26ਵਾਂ ਦਿਨ

ਕਿਸਾਨਾਂ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਲਈ 25 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 26ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ।

ਦੱਸ ਦਈਏ ਕਿ ਲੰਘੇ ਕੱਲ੍ਹ ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ’ਚ ਦਾਖ਼ਲ ਕਰਵਾਉਣ ਸਬੰਧੀ ਫ਼ੈਸਲਾ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਡਾਕਟਰਾਂ ਉੱਤੇ ਛੱਡ ਦਿੱਤਾ ਸੀ।

ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਸੀ ਕਿ ਡੱਲੇਵਾਲ ਦੀ ਸਿਹਤ-ਸੰਭਾਲ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ। ਬੈਂਚ ਨੇ ਡੱਲੇਵਾਲ ਦੀ ਮੈਡੀਕਲ ਹਾਲਤ ਬਾਰੇ ਪੰਜਾਬ ਦੇ ਮੁੱਖ ਸਕੱਤਰ ਅਤੇ ਸਿਹਤ ਅਧਿਕਾਰੀਆਂ ਤੋਂ 2 ਜਨਵਰੀ ਤੱਕ ਰਿਪੋਰਟਾਂ ਮੰਗਦਿਆਂ ਕਿਹਾ ਕਿ ਲੋੜ ਪੈਣ ਉੱਤੇ ਸੂਬਾ ਸਰਕਾਰ ਉਨ੍ਹਾਂ ਕੋਲ ਪਹੁੰਚ ਕਰ ਸਕਦੀ ਹੈ। ਬੈਂਚ ਨੇ ਕਿਹਾ ਕਿ 70 ਸਾਲਾ ਡੱਲੇਵਾਲ ਨੂੰ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਖਨੌਰੀ ਉੱਤੇ ਧਰਨੇ ਵਾਲੀ ਥਾਂ ਤੋਂ 700 ਮੀਟਰ ਦੇ ਘੇਰੇ ਵਿਚ ਬਣੇ ਆਰਜ਼ੀ ਹਸਪਤਾਲ ਵਿਚ ਤਬਦੀਲ ਕੀਤਾ ਜਾ ਸਕਦਾ ਹੈ।