‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ਦੇ ਕੋਟ ਖ਼ਾਲਸਾ ਇਲਾਕੇ ‘ਚ ਗੁਰੂ ਗ੍ਰੰਥ ਸਾਹਿਬ ਦੀ ਪੋਥੀ ਅਤੇ ਗੁਟਕਿਆਂ ਦੀ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਚਾਰ ਵਿਅਕਤੀਆਂ ’ਚ ਇਕ ਸ਼੍ਰੋਮਣੀ ਕਮੇਟੀ ਕਰਮਚਾਰੀ ਵੀ ਸ਼ਾਮਲ ਹੈ, ਜਿਸ ਨੂੰ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਵਿਭਾਗੀ ਕਾਰਵਾਈ ਕਰਦਿਆਂ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲ ਕੀਤੇ ਇਸ ਕਰਮਚਾਰੀ ਦੀ ਸ਼ਨਾਖਤ ਨਿਸ਼ਾਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪੁਤਲੀਘਰ ਸਥਿਤ ਗੁਰਦੁਆਰਾ ਪਿਪਲੀ ਸਾਹਿਬ ਵਿੱਚ ਸੇਵਾਦਾਰ ਵਜੋਂ ਤਾਇਨਾਤ ਹੈ। ਇਸ ਦੀ ਪੁਸ਼ਟੀ ਸ਼੍ਰੀ ਹਰਿਮੰਦਰ ਸਾਹਿਬ ਦੇ ਮੀਤ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਕਰਦਿਆਂ ਦੱਸਿਆ ਕਿ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਚਾਰ ਵਿਅਕਤੀਆਂ ਵਿੱਚ ਇਹ ਕਰਮਚਾਰੀ ਵੀ ਸ਼ਾਮਲ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਮੰਗਲ ਸਿੰਘ ਅਤੇ ਉਸ ਦੇ ਦੋ ਪੁੱਤਰਾਂ ਤਜਿੰਦਰ ਸਿੰਘ ਅਤੇ ਪਰਮਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੂੁਜੇ ਪਾਸੇ ਸਿੱਖ ਜਥੇਬੰਦੀਆਂ ਵੱਲੋਂ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਵੀ ਬੇਅਦਬੀ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਘਟਨਾ ’ਤੇ ਦੁੱਖ ਪ੍ਰਗਟਾਇਆ। ਸਾਬਕਾ ਜਥੇਦਾਰ ਅਤੇ ਅਕਾਲ ਪੁਰਖ ਕੀ ਫੌਜ ਦੇ ਮੁਖੀ ਜਸਵਿੰਦਰ ਸਿੰਘ ਐਡਵੋਕੇਟ ਨੇ ਪ੍ਰਤੀਨਿਧ ਭੇਜ ਕੇ ਘਟਨਾ ਸਥਾਨ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਪੁਲੀਸ ਪ੍ਰਸ਼ਾਸਨ ਕੋਲ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ।