Punjab

ਮੁਲਤਾਨੀ ਕਤਲ ਮਾਮਲਾ : ਸਰਬਉੱਚ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਰੱਖਿਆ ਰਾਖਵਾਂ

‘ਦ ਖ਼ਾਲਸ ਬਿਊਰੋ :- ਸਰਬਉੱਚ ਅਦਾਲਤ ਨੇ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਕਤਲ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਪਟੀਸ਼ਨ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਸੈਣੀ ਦੇ ਵਕੀਲ ਸਿਧਾਰਥ ਲੂਥਰਾ ਅਤੇ ਪੰਜਾਬ ਸਰਕਾਰ ਦੇ ਵਕੀਲ ਮੁਕੁਲ ਰੋਹਤਗੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਮਾਮਲੇ ’ਤੇ ਹੁਕਮ ਪਾਸ ਕਰ ਦਿੱਤਾ ਜਾਵੇਗਾ।

ਸਰਬਉੱਚ ਅਦਾਲਤ ਨੇ 15 ਸਤੰਬਰ ਨੂੰ ਸੈਣੀ ਨੂੰ ਗ੍ਰਿਫਤਾਰੀ ਤੋਂ ਅੰਤ੍ਰਿਮ ਰਾਹਤ ਦਿੱਤੀ ਸੀ ਅਤੇ ਚਾਰ ਹਫ਼ਤਿਆਂ ਲਈ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਅੱਗੇ ਪਾ ਦਿੱਤੀ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਸਤੰਬਰ ਨੂੰ ਸੈਣੀ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।

ਬੈਂਚ ਨੇ ਕਿਹਾ ਸੀ ਕਿ, ” ਇਹ ਮਾਮਲਾ 1991 ਦਾ ਹੈ। 30 ਸਾਲਾਂ ਬਾਅਦ ਸੈਣੀ ਨੂੰ ਗ੍ਰਿਫਤਾਰ ਕਰਨ ਦੀ ਜਲਦੀ ਕਿਉਂ ਹੈ। ਬੈਂਚ ਨੇ ਕਿਹਾ ਸੀ ਕਿ ਅਗਲੇ ਹੁਕਮਾਂ ਤੱਕ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਸਿਖ਼ਰਲੀ ਅਦਾਲਤ ਨੇ ਸੈਣੀ ਨੂੰ ਇਸ ਮਾਮਲੇ ਦੀ ਜਾਂਚ ਵਿੱਚ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਲਈ ਕਿਹਾ ਸੀ।